ਲੁਧਿਆਣਾ, 26 ਜੂਨ (ਡਾ. ਤਰਲੋਚਨ ਸਿੰਘ)-ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ-ਵਸੇਬਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ‘ਨਸ਼ਾ, ਐਚ.ਆਈ.ਵੀ. ਅਤੇ ਜੇਲ੍ਹ ਸਿਹਤ’ ਵਿਸ਼ੇ ’ਤੇ ਇਕ ਉੱਚ-ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਅੰਤਰਰਾਸ਼ਟਰੀ ਨਸ਼ਾ ਰੋਕਥਾਮ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਯੂਨਾਈਟਿਡ ਨੇਸ਼ਨਜ਼ ਆਫ਼ਿਸ ਆਨ ਡਰੱਗਜ਼ ਐਂਡ ਕ੍ਰਾਈਮ ਵਲੋਂ ਪੰਜਾਬ ਜੇਲ੍ਹ ਵਿਭਾਗ ਅਤੇ ਗੈਰ-ਸਰਕਾਰੀ ਸੰਸਥਾ ‘ਟਰਨ ਯੋਰ ਕਨਸਰਨ ਇੰਟੂ ਐਕਸ਼ਨ’ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ, ਜਿਸ ਵਿਚ ਰਾਜ ਸਰਕਾਰ, ਜੇਲ੍ਹ ਵਿਭਾਗ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਸਿਹਤ ਮਾਹਿਰਾਂ ਨੇ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰੇ ਪੱਖਾਂ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਅਤੇ ਤਿੰਨ ਮਹੀਨਿਆਂ ਵਿਚ 10 ਹਜ਼ਾਰ ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 25 ਹਜ਼ਾਰ ਕੈਦੀਆਂ ਦੀ ਹੈਪੇਟਾਈਟਸ, ਐਚ.ਆਈ.ਵੀ. ਅਤੇ ਨਸ਼ੇ ਦੀ ਜਾਂਚ ਵੀ ਕਰਵਾਈ ਗਈ ਹੈ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਵੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਆਈ.ਜੀ. ਜੇਲ੍ਹ ਮੁਹੰਮਦ ਤੈਅਬ ਨੇ ਜੇਲ੍ਹ ਦੀਆਂ ਸਮੱਸਿਆਵਾਂ ਸਬੰਧੀ ਕੀਤੇ ਗਏ ਹੱਲ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਯੂ.ਐਨ.ਓ.ਡੀ.ਸੀ. ਖੇਤਰੀ ਦਫ਼ਤਰ ਦੀ ਅਪਰਾਧਿਕ ਨਿਆਂ ਮਾਹਿਰ ਸੀਮਾ ਜੋਸ਼ੀ ਨੇ ਕਿਹਾ ਕਿ ਚੁਨੌਤੀਆਂ ਬਦਲ ਰਹੀਆਂ ਹਨ, ਇਸ ਲਈ ਸਾਡੇ ਹੱਲ ਵੀ ਸਮੇਂ ਦੇ ਨਾਲ ਵਿਕਸਿਤ ਹੋਣੇ ਚਾਹੀਦੇ ਹਨ।