ਚੰਡੀਗੜ੍ਹ, 27 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਦੇ ਕਿਸਾਨਾਂ, ਉਦਯੋਗਾਂ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਖਤਰੇ ਵਿਚ ਪੈ ਗਈ ਹੈ। ਬਿਆਨ ਜਾਰੀ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨਾ ਸਿਰਫ਼ ਬਿਜਲੀ ਉਤਪਾਦਨ ਵਿਚ ਫੇਲ ਰਹੀ ਹੈ, ਸਗੋਂ ਮੌਜੂਦਾ ਉਤਪਾਦਨ ਅਤੇ ਵੰਡ ਪ੍ਰਣਾਲੀ ਨੂੰ ਕਾਇਮ ਰੱਖਣ ਵਿਚ ਵੀ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ’ਤੇ ਆਉਣ ਲਈ ਮਜਬੂਰ ਹੋ ਗਏ ਹਨ ਕਿਉਂਕਿ ਸਰਕਾਰ ਉਨ੍ਹਾਂ ਦੀ ਪੀੜਾ ਪ੍ਰਤੀ ਬੇਪਰਵਾਹ ਹੈ।