ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਝੋਨੇ ਦੀ ਲਵਾਈ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ, ਪਰ ਬਿਜਲੀ ਦੇ ਲਗਾਤਾਰ ਤੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਮੁਸ਼ਕਿਲ ਨਾਲ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ।