7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ, ਇੱਕ ਦਾ ਤਬਾਦਲਾ
ਚੰਡੀਗੜ੍ਹ, 28 ਜੂਨ (ਅਜੀਤ ਬਿਊਰੋ) : ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤਹਿਤ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ-ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਸਪਲਾਈ ਦੇ ਮਾਮਲੇ ਵਿਚ 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ, ਜਦਕਿ ਇੱਕ ਹੋਰ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਵਰਤੋਂ ਨਾਲ ਸਬੰਧਿਤ ਮਾਮਲੇ ਵਿਚ ਤੁਰੰਤ, ਵਿਆਪਕ ਤੇ ਸਮਾਂਬੱਧ ਕਾਰਵਾਈ ਕੀਤੀ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ, ਪ੍ਰਸ਼ਾਸਕੀ ਸਕੱਤਰ, ਸਹਿਕਾਰਤਾ ਵਿਭਾਗ ਨੇ ਮਾਰਕਫੈੱਡ ਤੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਜ਼ ਨੂੰ ਤੁਰੰਤ ਤੱਥ ਖੋਜ ਜਾਂਚ ਵਿੱਢਣ, ਅਣਗਹਿਲੀ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ‘ਕਾਰਵਾਈ ਰਿਪੋਰਟ’ ਸੌਂਪਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਟੈਕਨੀਕਲ ਗ੍ਰੇਡ ਯੂਰੀਆ ਦੀ ਖਰੀਦ ਲਈ ਜ਼ਿੰਮੇਵਾਰ ਜਨਰਲ ਮੈਨੇਜਰਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ 25 ਜੂਨ ਨੂੰ ‘ਮੇਜਰ ਪੈਨਲਟੀ’ (ਸਖ਼ਤ ਸਜ਼ਾ) ਅਨੁਸ਼ਾਸਨੀ ਕਾਰਵਾਈ ਵਿੱਢਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ । ਇਨ੍ਹਾਂ ਨਿਰਦੇਸ਼ਾਂ ’ਤੇ ਤੁਰੰਤ ਕਾਰਵਾਈ ਕਰਦਿਆਂ, ਮਿਲਕਫੈੱਡ ਨੇ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ, ਮੈਨੇਜਰ (ਏਐਚ) ਅਤੇ ਕੁਆਲਿਟੀ ਇੰਚਾਰਜ, ਡਿਪਟੀ ਮੈਨੇਜਰ (ਖਰੀਦ ਅਤੇ ਭੰਡਾਰਨ) / ਇੰਚਾਰਜ (ਐਫ ਐਂਡ ਏ), ਅਤੇ ਸੀਨੀਅਰ ਸਹਾਇਕ / ਖਰੀਦ ਇੰਚਾਰਜ ਖ਼ਿਲਾਫ਼ ‘ਮੇਜਰ ਪੈਨਲਟੀ’ ਚਾਰਜਸ਼ੀਟਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਮਾਰਕਫੈੱਡ ਨੇ ਵੀ ਪਹਿਲੀ ਨਜ਼ਰੇ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢ ਦਿੱਤੀ ਹੈ ਤੇ ਚੀਫ਼ ਮੈਨੇਜਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ, ਜਦੋਂ ਕਿ ਲਾਗੂ ਸੇਵਾ ਨਿਯਮਾਂ ਤਹਿਤ ਜਨਰਲ ਮੈਨੇਜਰ, ਸੀਨੀਅਰ ਅਕਾਊਂਟਸ ਅਫ਼ਸਰ (ਜੋ ਡਿਪਟੀ ਸੀ.ਏ.ਓ. ਵਜੋਂ ਕੰਮ ਦੇਖ ਰਹੇ ਸਨ) ਅਤੇ ਸੀਨੀਅਰ ਸਹਾਇਕ (ਜੋ ਕਮਰਸ਼ੀਅਲ ਮੈਨੇਜਰ ਵਜੋਂ ਕੰਮ ਦੇਖ ਰਹੇ ਸਨ) ਖ਼ਿਲਾਫ਼ ‘ਮੇਜਰ ਪੈਨਲਟੀ’ ਚਾਰਜਸ਼ੀਟਾਂ ਜਾਰੀ ਕੀਤੀਆਂ ਗਈਆਂ ਹਨ । ਸਬੰਧਿਤ ਸੀਨੀਅਰ ਸਹਾਇਕ (ਜੋ ਕਮਰਸ਼ੀਅਲ ਮੈਨੇਜਰ ਵਜੋਂ ਤਾਇਨਾਤ ਸੀ) ਦਾ ਪ੍ਰਸ਼ਾਸਕੀ ਹਿੱਤ ਵਿਚ ਤਬਾਦਲਾ ਵੀ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਜੀ.ਐਸ.ਟੀ. ਨਾਲ ਸਬੰਧਿਤ ਬੇਨਿਯਮੀਆਂ ਤੇ ਵਿੱਤੀ ਉਲੰਘਣਾਵਾਂ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਕਰ ਵਿਭਾਗ ਨੂੰ ਲੋੜੀਂਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ। ਕਰ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਮੈਸਰਜ਼ ਇੰਡੋ ਆਰਗੈਨਿਕ, ਗਿੱਦੜਬਾਹਾ (ਪੰਜਾਬ) ਦੀ ਕਾਰੋਬਾਰ ਵਾਲੀ ਜਗ੍ਹਾ ਦੀ ਚੈਕਿੰਗ ਕੀਤੀ ਤੇ ਫਰਮ ਨੂੰ ਵਿਸਤ੍ਰਿਤ ਪੜਤਾਲ ਲਈ ਆਪਣੀਆਂ ਅਕਾਊਂਡ ਬੁੱਕਸ ਅਤੇ ਸਾਰੇ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਕਰ ਵਿਭਾਗ ਨੇ ਟੈਕਨੀਕਲ ਗ੍ਰੇਡ ਯੂਰੀਆ ਵਜੋਂ ਐਲਾਨੇ ਗਏ ਮਾਲ ਦੀ ਸਪਲਾਈ ਦੇ ਸਬੰਧ ਵਿਚ ਮੈਸਰਜ਼ ਮਨੀਸ਼ਾ ਟਰੇਡਿੰਗ ਕੰਪਨੀ, ਨਵੀਂ ਦਿੱਲੀ, ਅਤੇ ਮੈਸਰਜ਼ ਏ ਐਮ ਕੈਮੀਕਲ, ਸੋਨੀਪਤ, ਹਰਿਆਣਾ ਦੀਆਂ ਕਾਰੋਬਾਰੀ ਗਤੀਵਿਧੀਆਂ ਵਿੱਚ ਵੀ ਸ਼ੱਕੀ ਬੇਨਿਯਮੀਆਂ ਦਾ ਪਤਾ ਲਗਾਇਆ ਹੈ। ਜਾਂਚ ਤੋਂ ਜਾਪਦਾ ਹੈ ਕਿ ਸਪਲਾਈ ਕੀਤੀ ਗਈ ਸਮੱਗਰੀ ਜੀ.ਐਸ.ਟੀ. ਦਸਤਾਵੇਜ਼ਾਂ ਵਿਚ ਐਲਾਨੇ ਗਏ ਉਤਪਾਦ ਦੀ ਬਜਾਏ ਕਥਿਤ ਤੌਰ ’ਤੇ ਨਿੰਮ ਕੋਟਿਡ ਯੂਰੀਆ ਸੀ, ਜਿਸ ਨਾਲ ਗਲਤ ਘੋਸ਼ਣਾ, ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਗਲਤ ਲਾਭ ਲੈਣ/ਪਾਸਿੰਗ ਅਤੇ ਸਰਕਾਰ ਦੁਆਰਾ ਸਬਸਿਡੀ ਵਾਲੀ ਖਾਦ ਦੀ ਸੰਭਾਵਿਤ ਦੁਰਵਰਤੋਂ (ਡਾਇਵਰਸ਼ਨ) ਦਾ ਸ਼ੱਕ ਪੈਦਾ ਹੁੰਦਾ ਹੈ। ਇਹ ਮਾਮਲਾ ਕਾਨੂੰਨ ਤਹਿਤ ਵਿਸਤ੍ਰਿਤ ਜਾਂਚ ਤੇ ਲੋੜੀਂਦੀ ਕਾਰਵਾਈ ਲਈ ਕ੍ਰਮਵਾਰ ਪ੍ਰਿੰਸੀਪਲ ਕਮਿਸ਼ਨਰ, ਸੀ.ਜੀ.ਐਸ.ਟੀ. ਨਵੀਂ ਦਿੱਲੀ ਅਤੇ ਪੰਚਕੂਲਾ ਨੂੰ ਭੇਜ ਦਿੱਤਾ ਗਿਆ ਹੈ। ਸਬੰਧਿਤ ਅਧਿਕਾਰੀਆਂ ਤੋਂ ਮਿਲਣ ਵਾਲੀਆਂ ਰਿਪੋਰਟਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ, ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਣ ਅਤੇ ਸੰਸਥਾਗਤ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਨੇ ਪ੍ਰਸ਼ਾਸਕੀ ਸਕੱਤਰ, ਸਹਿਕਾਰਤਾ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਹਰ ਪੱਧਰ ’ਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਜਾਂ ਜਨਤਕ ਸਰੋਤਾਂ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਸੰਸਥਾ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਦੇ ਆਦੇਸ਼ ’ਤੇ ਸਹਿਕਾਰਤਾ ਵਿਭਾਗ ਵਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ
ਅਜੀਤ ਡੈਸਕ
29-06-2026