ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ)-ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਚ ਚੱਲ ਰਹੇ ਰਾਸ਼ਟਰੀ ਰਾਜਮਾਰਗਾਂ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਦੇਸ਼ ਭਰ ਵਿਚ ਆਧੁਨਿਕ ਹਾਈਵੇ ਅਤੇ ਐਕਸਪ੍ਰੈਸਵੇਅ ਦਾ ਵਿਸ਼ਾਲ ਨੈੱਟਵਰਕ ਤਿਆਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਾਮਨਗਰ-ਅੰਮ੍ਰਿਤਸਰ ਆਰਥਿਕ ਲਾਂਘਾ ਵੀ ਬਣਾਇਆ ਜਾ ਰਿਹਾ ਹੈ, ਜੋ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਦੇ ਵੱਡੇ ਵਪਾਰਕ ਕੇਂਦਰਾਂ ਨਾਲ ਜੋੜੇਗਾ । ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਸਾਰੇ ਸੜਕੀ ਪ੍ਰੋਜੈਕਟ ਕੇਂਦਰੀ ਫੰਡਾਂ ਨਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ; ਪੰਜਾਬ ਦੇ ਵਿਕਾਸ ਪ੍ਰਾਜੈਕਟਾਂ ’ਤੇ ਹੋਈ ਚਰਚਾ
ਅਜੀਤ ਡੈਸਕ
01-07-2026