ਅੰਮ੍ਰਿਤਸਰ, 1 ਜੁਲਾਈ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੇ ਫ਼ਾਰੂਕਾਬਾਦ ‘ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇਕ ਹਿੱਸੇ ਨੂੰ ਕੁਝ ਲੋਕਾਂ ਵਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪਾਕਿ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ ਆਖਿਆ ਹੈ। ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸੰਬੰਧਿਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫ਼ਾਰੂਕਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ।