ਸੰਗਰੂਰ, 3 ਜੁਲਾਈ (ਧੀਰਜ ਪਸੋਰੀਆ)-ਭਾਸ਼ਾ ਵਿਭਾਗ ਪੰਜਾਬ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਰੂਰ ਵਿਖੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਭਾਸ਼ਾ ਵਿਭਾਗ ਨੂੰ ਬਹੁਤ ਪਿਆਰ ਕਰਦੇ ਹਨ।ਇਸੇ ਕਾਰਨ ਹੀ ਭਾਸ਼ਾ ਵਿਭਾਗ ਦਾ ਡਾਇਰੈਕਟਰ ਇਕ ਲਿਖਾਰੀ ਨੂੰ ਲਗਾਇਆ ਗਿਆ ਹੈ। ਭਾਸ਼ਾ ਵਿਭਾਗ ਨੂੰ ਜਿੰਨੇ ਫੰਡਾਂ ਦੀ ਜ਼ਰੂਰਤ ਹੈ, ਉਸ ਬਾਰੇ ਪੰਜਾਬ ਦੇ ਵਿੱਤ ਵਿਭਾਗ ਨੂੰ ਲਿਖਿਆ ਜਾ ਚੁੱਕਿਆ ਹੈ, ਜਲਦੀ ਹੀ ਲੋੜੀਦੇ ਦੇ ਫੰਡਾਂ ਦੀ ਪੂਰਤੀ ਹੋ ਜਾਵੇਗੀ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਿਚ ਜੋ ਫੀਸਾਂ, ਕਿਤਾਬਾਂ, ਵਰਦੀਆਂ, ਅਧਿਆਪਕਾਂ ਦੀਆਂ ਤਨਖਾਹਾਂ ਬਾਰੇ ਸ਼ਿਕਾਇਤਾਂ ਆ ਰਹੀਆਂ ਹਨ, ਉਸ ਸੰਬੰਧੀ ਸਰਕਾਰ ਵਲੋਂ ਆਰਡੀਨੈਂਸ ਤਿਆਰ ਕਰ ਦਿੱਤਾ ਗਿਆ ਹੈ, ਜਿਸ ਦਾ ਨੋਟੀਫਿਕੇਸ਼ਨ ਜਲਦ ਹੀ ਜਾਰੀ ਹੋ ਜਾਵੇਗਾ।ਸਕੂਲਾਂ ਵਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਲਈਆਂ ਫੀਸਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੋ ਰਹੀਆਂ ਗੜਬੜਾਂ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਹੈ।