ਅੰਮ੍ਰਿਤਸਰ, 3 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਬੀਤੀ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਹਾਊਸ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਵਲੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’ ਕਰਾਰ ਦੇਣ ਬਾਰੇ ਜਾਰੀ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਇਸ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਪਾਸ ਕੀਤੇ ਮਤੇ ਰਾਹੀਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ ਨੂੰ ਸੱਦੇ ਵਿਸ਼ਾਲ ਪੰਥਕ ਇਕੱਠ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹੋਰ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਵੇਰਵਿਆਂ ਅਨੁਸਾਰ 5 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਸੱਦਿਆ ਗਿਆ ਪੰਥਕ ਇਕੱਠ ਸ਼੍ਰੋਮਣੀ ਕਮੇਟੀ ਲਈ ਇਕ ਤਰ੍ਹਾਂ ਵੱਕਾਰ ਦਾ ਸਵਾਲ ਬਣਿਆਂ ਹੋਇਆ ਹੈ, ਕਿਉਂਕਿ ਸੰਤ ਸਮਾਜ ਨਾਲ ਸੰਬੰਧਿਤ ਕਈ ਧਾਰਮਿਕ ਆਗੂਆਂ ਅਤੇ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਵਿਰੁੱਧ ਜਾਰੀ ਮਤੇ ਨੂੰ ਅਜੇ ਤੱਕ ਖੁੱਲ੍ਹ ਕੇ ਸਮਰਥਨ ਨਹੀਂ ਦਿੱਤਾ ਜਾ ਰਿਹਾ। ਜਾਣਕਾਰ ਸੂਤਰਾਂ ਅਨੁਸਾਰ ਇਸ ਤੌਖਲੇ ਕਾਰਨ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜਿਨ੍ਹਾਂ ਦਾ ਪੰਥ ਦੀਆਂ ਲਗਭਗ ਸਮੂਹ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਵਿਚ ਕਾਫੀ ਸਤਿਕਾਰ ਹੈ, ਉਹ ਪਿਛਲੇ ਕੁਝ ਦਿਨਾਂ ਤੋਂ ਆਪਣੇ ਸੀਨੀਅਰ ਸਾਥੀ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਨਿੱਜੀ ਤੌਰ ‘ਤੇ ਵੱਡੀਆਂ ਪੰਥਕ ਜਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੱਦਾ ਪੱਤਰ ਦੇ ਰਹੇ ਹਨ ਤੇ 5 ਜੁਲਾਈ ਦੇ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਦੀ ਅਪੀਲ ਕਰ ਰਹੇ ਹਨ। ਜਾਣਕਾਰ ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਇਸ ਵਿਸ਼ਾਲ ਪੰਥਕ ਇਕੱਠ ਲਈ ਸਿੰਘ ਸਾਹਿਬਾਨ ਤੋਂ ਇਲਾਵਾ ਨਰਮ ਤੇ ਗ਼ਰਮ ਖਿਆਲੀ ਸਿੱਖ ਜੱਥੇਬੰਦੀਆਂ ਤੇ ਧਾਰਮਿਕ ਸੰਪ੍ਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਮਹਾਂਪੁਰਸ਼ਾਂ ਤੇ ਪ੍ਰਮੁੱਖ ਧਾਰਮਿਕ ਸਭਾ ਸੁਸਾਇਟੀਆਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਸੱਦਾ ਪੱਤਰ ਭੇਜੇ /ਦਿੱਤੇ ਗਏ ਹਨ, ਪਰ ਸਿੱਖ ਸਿਆਸੀ ਪਾਰਟੀਆਂ, ਸ਼੍ਰੋਮਣੀ ਅਕਾਲੀ ਦਲਾਂ ਨੂੰ ਸਿੱਧੇ ਤੌਰ ‘ਤੇ ਇਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਕੋਈ ਵਿਸ਼ੇਸ਼ ਸੱਦਾ ਪੱਤਰ ਨਹੀਂ ਦਿੱਤਾ ਗਿਆ।