ਚੰਡੀਗੜ੍ਹ, 3 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੀ 18 ਸਾਲ ਦੀ ਹਰ ਯੋਗ ਔਰਤ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਇਸ ਵਾਅਦੇ ਨੂੰ ਸੀਮਤ ਕਰ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਦੇ ਆਪਣੇ ਅੰਕੜਿਆਂ ਅਨੁਸਾਰ ਪੰਜਾਬ ’ਚ ਕਰੀਬ 1 ਕਰੋੜ 25 ਲੱਖ ਔਰਤਾਂ ਹਨ ਤਾਂ ਸਿਰਫ਼ 36 ਲੱਖ ਔਰਤਾਂ ਨੂੰ ਹੀ ਯੋਜਨਾ ਦਾ ਲਾਭ ਦੇਣਾ ਬਾਕੀ 89 ਲੱਖ ਔਰਤਾਂ ਨਾਲ ਵਿਤਕਰਾ ਨਹੀਂ ਤਾਂ ਹੋਰ ਕੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਪੱਸ਼ਟ ਕਰੇ ਕਿ ਕਿਹੜੇ ਮਾਪਦੰਡਾਂ ਦੇ ਆਧਾਰ ’ਤੇ 89 ਲੱਖ ਔਰਤਾਂ ਨੂੰ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਯੋਗਤਾ ਜਾਂ ਸ਼ਰਤਾਂ ਤੈਅ ਕੀਤੀਆਂ ਹਨ ਤਾਂ ਉਹ ਜਨਤਕ ਕੀਤੀਆਂ ਜਾਣ ਤਾਂ ਜੋ ਲੋਕਾਂ ਸਾਹਮਣੇ ਪੂਰੀ ਸੱਚਾਈ ਆ ਸਕੇ।ਕਾਂਗਰਸ ਪਾਰਟੀ ’ਚ ਚੱਲ ਰਹੇ ਅੰਦਰੂਨੀ ਵਿਵਾਦ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਪਾਰਟੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ’ਚ ਕੁਰਸੀ ਦੀ ਲੜਾਈ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਆਗੂ ਅਹੁਦਿਆਂ ਅਤੇ ਲੀਡਰਸ਼ਿਪ ਨੂੰ ਲੈ ਕੇ ਆਪਸ ਵਿਚ ਟਕਰਾਅ ਕਰਦੇ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਅੰਦਰੂਨੀ ਖਿੱਚੋਤਾਣ ’ਚ ਉਲਝੀ ਹੋਈ ਹੈ ਅਤੇ ਲੋਕਾਂ ਦੇ ਮੁੱਦਿਆਂ ਦੀ ਬਜਾਏ ਕੁਰਸੀ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ।