ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਐਨ.ਪੀ.ਐਸ. ਖ਼ਿਲਾਫ਼ ਲੜ ਰਹੀਆਂ ਮੁਲਾਜ਼ਮਾਂ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਬੈਨਰ ਹੇਠ ਅੱਜ ਸਥਾਨਕ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਮੁਲਾਜ਼ਮ ਆਗੂ ਜਸਵੀਰ ਸਿੰਘ ਤਲਵਾੜਾ, ਗੁਰਜੰਟ ਸਿੰਘ ਕੋਕਰੀ ਤੇ ਸੁਖਜੀਤ ਸਿੰਘ ਡਿੰਪੀ ਵਲੋਂ ਸਾਂਝੇ ਰੂਪ ਵਿਚ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਸੰਗਤ ਰਾਮ, ਧਰਮਿੰਦਰ ਸਿੰਘ, ਜਗਸੀਰ ਸਿੰਘ ਢਿੱਲੋਂ, ਅਮਨਦੀਪ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਕਰਨ ਜੈਨ, ਜਰਨੈਲ ਸਿੰਘ, ਪੁਸ਼ਪਿੰਦਰ ਸਿੰਘ, ਸੁਖਦਰਸ਼ਨ ਸਿੰਘ, ਅਜੀਤਪਾਲ ਸਿੰਘ ਜੱਸੋਵਾਲ, ਜਸਵਿੰਦਰ ਸਿੰਘ ਜੱਸਾ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਗਿਆ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਮੁਲਾਜ਼ਮਾਂ ਉਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਮੁਲਾਜ਼ਮ ਸੰਘਰਸ਼ਾਂ ਦੇ ਦਬਾਅ ਹੇਠ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇਕ ਕਾਗ਼ਜ਼ੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਪਰ ਉਸ ਸਮੇਂ ਦੂਜੇ ਰਾਜਾਂ ਦੀਆਂ ਵੋਟਾਂ ਸਮੇਂ ਉਨ੍ਹਾਂ ਰਾਜਾਂ ਦੇ ਮੁਲਾਜ਼ਮ ਵੋਟਰਾਂ ਨੂੰ ਭਰਮਾਉਣ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਖ਼ੂਬ ਪ੍ਰਚਾਰਿਆ ਗਿਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਸਵਾ ਚਾਰ ਸਾਲਾਂ ਦੇ ਰਾਜ ਭਾਗ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ। ਕਨਵੈਨਸ਼ਨ ਵਿਚ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਸਮੂਹ ਐਨ.ਪੀ.ਐਸ. ਮੁਲਾਜ਼ਮ 23 ਅਗਸਤ 2026 ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵੱਲ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਕੂਚ ਕਰਨਗੇ। ਇਸ ਮੌਕੇ ਨਵਦੀਪ ਸਿੰਘ ਤਰਨਤਾਰਨ, ਰਣਜੀਤ ਸਿੰਘ ਕਾਹਲੋਂ, ਕਰਮਜੀਤ ਸਿੰਘ, ਬਿਕਰਮਜੀਤ ਸਿੰਘ, ਪਰਮਿੰਦਰਪਾਲ ਸਿੰਘ ਕਾਲੀਆ, ਅੰਮ੍ਰਿਤਪਾਲ ਸਿੰਘ ਬਾਕੀਪੁਰ, ਜੋਗਿੰਦਰ ਸਿੰਘ, ਜੱਜਪਲ ਸਿੰਘ, ਗੁਰਮੀਤ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ, ਧਰਮਿੰਦਰ ਸਿੰਘ ਆਦਿ ਹਾਜ਼ਰ ਸਨ।