ਜਿਸ ਨੇ ਵੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦਿੱਤੀ, ਉਹ ਸਮੇਂ ਦੀ ਧੂੜ ਬਣ ਗਏ-ਜਥੇਦਾਰ ਗੜਗੱਜ
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਸਹਿਬ ਸਕੱਤਰੇਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ 420ਵਾਂ ਸਿਰਜਣਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ।ਇਸ ਮੌਕੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਤੇ ਸਿਰਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਸੰਸਾਰਕ ਤਖ਼ਤ ਇਨਸਾਫ਼ ਦੇਣ ਤੋਂ ਇਨਕਾਰੀ ਹੋ ਜਾਣ ਤਾਂ ਗੁਰੂ ਦਾ ਤਖ਼ਤ ਸਦਾ ਸੱਚ, ਧਰਮ ਅਤੇ ਇਨਸਾਫ਼ ਦਾ ਕੇਂਦਰ ਬਣ ਕੇ ਮਨੁੱਖਤਾ ਦੀ ਅਗਵਾਈ ਕਰੇਗਾ। ਉਨ੍ਹਾਂ ਆਖਿਆ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਵੀ ਹਾਕਮਾਂ ਨੇ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦਿੱਤੀ, ਉਹ ਸਮੇਂ ਦੀ ਧੂੜ ਬਣ ਗਏ ਪਰ ਗੁਰੂ ਦਾ ਇਹ ਸੱਚਾ ਤਖ਼ਤ ਸਦਾ ਅਡੋਲ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ, ਸਰਬਉੱਚਤਾ ਅਤੇ ਹੁਕਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਸਮਰਪਣ ਰੱਖੇ। ਉਨ੍ਹਾਂ ਆਖਿਆ ਕਿ ਅੱਜ ਜਦੋਂ ਸਿੱਖ ਪੰਥ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਸਾਡੀ ਤਾਕਤ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕਜੁੱਟ ਹੋਣ ਵਿਚ ਹੈ। ਬਾਅਦ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਹਰ ਸਾਲ ਵੱਡੇ ਪੱਧਰ ’ਤੇ ਮਨਾਇਆ ਜਾਵੇ।ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਆਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨਮਾਂਗਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਯੁਵਰਾਜ ਸਿੰਘ, ਬਗੀਚਾ ਸਿੰਘ, ਜਸਕਰਨ ਸਿੰਘ ਸਮੇਤ ਹੋਰ ਸੰਗਤਾਂ ਮੌਜੂਦ ਸਨ।
ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਉਤਸ਼ਾਹ ਸਹਿਤ ਮਨਾਇਆ
ਅਜੀਤ ਡੈਸਕ
06-07-2026