ਚੰਡੀਗੜ੍ਹ, 7 ਜੁਲਾਈ (ਸੰਦੀਪ ਕੁਮਾਰ ਮਾਹਨਾ)-ਮਹਿੰਗਾਈ ਭੱਤਾ (ਡੀ.ਏ.) ਦੇ ਬਕਾਏ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਂਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਵਾਅਦਾ ਨਿਭਾਉਣ ਵਿਚ ਨਾਕਾਮ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਡੀ.ਏ. ਮਾਮਲੇ ਵਿਚ ਹਾਈ ਕੋਰਟ ਦੀ ਸੁਣਵਾਈ ਨੇ ਵੀ ਸਰਕਾਰ ਦੇ ਦਾਅਵਿਆਂ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਅਦਾਲਤ ਵਿਚ ਬਹਾਨੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਡੀ.ਏ. ਦੇ ਬਕਾਏ ਦਾ ਭੁਗਤਾਨ ਕਰਨ ਦੀ ਥਾਂ ਸਰਕਾਰ ਕਾਨੂੰਨੀ ਦਲੀਲਾਂ ਦੇ ਸਹਾਰੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।
ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ ਨਿਭਾਉਣ ’ਚ ਨਾਕਾਮ ਰਹੀ-ਕੇਵਲ ਸਿੰਘ ਢਿੱਲੋਂ
ਅਜੀਤ ਡੈਸਕ
08-07-2026