ਚੰਡੀਗੜ੍ਹ, 8 ਜੁਲਾਈ (ਸੰਦੀਪ ਕੁਮਾਰ ਮਾਹਨਾ)-ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇਣ ਲਈ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ਿਲਹਾਲ ਕੋਈ ਰਾਹਤ ਨਹੀਂ ਦਿੱਤੀ। ਈ.ਡੀ. ਦੀ ਬੇਨਤੀ ’ਤੇ ਅਦਾਲਤ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਲਈ ਨਿਰਧਾਰਿਤ ਕਰ ਦਿੱਤੀ।ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕਿਹਾ ਗਿਆ ਕਿ ਮਾਮਲੇ ’ਚ ਵਿਸਥਾਰਪੂਰਵਕ ਜਵਾਬ ਤਿਆਰ ਕਰਨ ਲਈ ਹੋਰ ਸਮੇਂ ਦੀ ਲੋੜ ਹੈ। ਇਸ ’ਤੇ ਅਦਾਲਤ ਨੇ ਈ.ਡੀ. ਦੀ ਬੇਨਤੀ ਸਵੀਕਾਰ ਕਰਦਿਆਂ ਜਵਾਬ ਦਾਖ਼ਲ ਕਰਨ ਲਈ ਸਮਾਂ ਦੇ ਦਿੱਤਾ ਅਤੇ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਇਸ ਦੌਰਾਨ ਅਦਾਲਤ ਵਲੋਂ ਸੰਜੀਵ ਅਰੋੜਾ ਨੂੰ ਕੋਈ ਅੰਤਰਿਮ ਰਾਹਤ ਨਹੀਂ ਦਿੱਤੀ ਗਈ। ਆਪਣੀ ਪਟੀਸ਼ਨ ’ਚ ਸੰਜੀਵ ਅਰੋੜਾ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਕਾਨੂੰਨ ਅਨੁਸਾਰ ਨਿਰਧਾਰਿਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਜਾਰੀ ਕੀਤੇ ਗਏ ਰਿਮਾਂਡ ਹੁਕਮ ਵੀ ਕਾਨੂੰਨੀ ਤੌਰ ’ਤੇ ਟਿਕਣਯੋਗ ਨਹੀਂ ਹਨ। ਇਸ ਲਈ ਉਨ੍ਹਾਂ ਨੇ ਹਾਈ ਕੋਰਟ ਕੋਲ ਆਪਣੀ ਗ੍ਰਿਫ਼ਤਾਰੀ ਅਤੇ ਇਸ ਨਾਲ ਸੰਬੰਧਿਤ ਸਾਰੇ ਰਿਮਾਂਡ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।