ਅੰਮ੍ਰਿਤਸਰ, 8 ਜੁਲਾਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜ਼ਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜ੍ਹਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।