ਚੰਡੀਗੜ੍ਹ, 8 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇਕ ਦਿਨ ਵਿਸ਼ੇਸ਼ ਤੌਰ ’ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇਕ ਦਿਨ ਵਿਸ਼ੇਸ਼ ਤੌਰ ’ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ।ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡ ਪਰਮਵੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।