ਕਿਸਾਨ ਯੂਨੀਅਨਾਂ ਉਗਰਾਹਾਂ ਤੇ ਡਕੌਂਦਾ ਵਲੋਂ ਚੰਡੀਗੜ੍ਹ ’ਚ ਰੋਸ ਮੁਜ਼ਾਹਰਾ
ਅਜੀਤ ਡੈਸਕ
11-07-2026
ਚੰਡੀਗੜ੍ਹ, 10 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਦੀਆਂ ਦੋ ਪ੍ਰਮੁੱਖ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੱਦੇ ’ਤੇ ਪੰਜਾਬ ਤੋਂ ਆਏ ਹਜ਼ਾਰਾਂ ਕਿਸਾਨਾਂ (ਮਰਦਾਂ-ਔਰਤਾਂ) ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਦੁਸ਼ਹਿਰਾ ਮੈਦਾਨ ਸੈਕਟਰ 34 ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸੈਕਟਰ 17 ਸਥਿਤ ਮਟਕਾ ਚੌਕ ’ਚ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਪ੍ਰਦਰਸ਼ਨ ਰਾਹੀਂ ਕਿਸਾਨ ਜਥੇਬੰਦੀਆਂ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ, ਪੰਜਾਬ ਦੀ ਨਵੀਂ ਲੈਂਡ ਪੂਲਿੰਗ ਨੀਤੀ ਅਤੇ ਈਰਾਨ ’ਤੇ ਅਮਰੀਕੀ ਹਮਲੇ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਅਮਰੀਕਾ-ਈਰਾਨ ਯੁੱਧ ਦੀ ਆੜ ਹੇਠ ਭਾਰਤੀ ਲੋਕਾਂ ’ਤੇ ਮਹਿੰਗਾਈ ਦੇ ਪਾਏ ਜਾ ਰਹੇ ਬੋਝ ਦੀ ਨਿੰਦਾ ਕੀਤੀ ਗਈ। ਦੁਸਹਿਰਾ ਮੈਦਾਨ ਵਿਚ ਜੁੜੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਭਾਰਤ ਅਮਰੀਕਾ ਵਿਚਕਾਰ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਕਿਸਾਨਾਂ ਦੇ ਨਾਲ-ਨਾਲ ਸਮਾਜ ਦੇ ਸਭਨਾਂ ਮਿਹਨਤਕਸ਼ ਵਰਗਾਂ ਦੇ ਵਿਰੁੱਧ ਹੈ, ਕਿਉਂਕਿ ਅਮਰੀਕੀ ਮੰਡੀ ’ਚੋਂ ਆਉਣ ਵਾਲੇ ਖੇਤੀ ਉਤਪਾਦ ਭਾਰਤੀ ਕਿਸਾਨਾਂ ਦਾ ਉਜਾੜਾ ਕਰਨਗੇ ਅਤੇ ਛੋਟੇ ਸਨਅਤਕਾਰਾਂ, ਛੋਟੇ ਵਪਾਰੀਆਂ ਤੇ ਕਾਰੋਬਾਰੀਆਂ ਦਾ ਵੀ ਵਪਾਰ ਖ਼ਤਮ ਕਰਨਗੇ। ਇਸ ਮੌਕੇ ਸੰਬੋਧਨ ਕਰਦਿਆਂ ਝੰਡਾ ਸਿੰਘ ਜੇਠੂਕੇ ਅਤੇ ਗੁਰਦੀਪ ਸਿੰਘ ਰਾਮਪੁਰਾ ਨੇ ਈਰਾਨ ’ਤੇ ਅਮਰੀਕੀ ਫ਼ੌਜੀ ਹਮਲੇ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਈਰਾਨ ਨੂੰ ਲੁੱਟਣ ਅਤੇ ਸਾਰੇ ਮੱਧ ਪੂਰਬ ਅੰਦਰ ਤੇਲ ’ਤੇ ਕਬਜ਼ਾ ਜਮਾ ਕੇ ਰੱਖਣ ਲਈ ਕੀਤਾ ਗਿਆ ਹੈ। ਭਾਕਿਯੂ (ਏਕਤਾ ਡਕੌਂਦਾ) ਦੇ ਆਗੁ ਅੰਗਰੇਜ ਸਿੰਘ ਭਦੌੜ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਸਾਰੇ ਤਬਕਿਆਂ ਨੂੰ ਸਾਂਝੇ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ। ਕਿਸਾਨਾਂ ਦੇ ਭਾਰੀ ਇਕੱਠ ਦੌਰਾਨ ਫਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕਰਦਾ ਮਤਾ ਪੇਸ਼ ਕੀਤਾ ਤੇ ਲੋਕਾਂ ਵਲੋਂ ਹੱਥ ਖੜ੍ਹੇ ਕਰਕੇ ਮਤਾ ਪਾਸ ਕੀਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਫਿਰਕੂ ਵੋਟ ਸਿਆਸਤਦਾਨਾਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਗਿਆ। ਅੱਜ ਦੇ ਇਕੱਠ ਨੂੰ ਕੰਵਰਜੀਤ ਸਿੰਘ, ਦਰਸ਼ਨ ਸਿੰਘ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਗੁਰਦੇਵ ਸਿੰਘ ਮਾਂਗੇਵਾਲ ਤੇ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ।