ਫ਼ਰੀਦਕੋਟ, 12 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਐਮ.ਪੀ. ਲੈਂਡ ਫ਼ੰਡ ਵਿਚੋਂ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਦਲੇਰ ਸਿੰਘ ਡੋਡ ਨੇ ਦੱਸਿਆ ਕਿ ਸ਼ਹੀਦਾਂ ਦੇ ਵਾਰਿਸ ਹੀ ਸ਼ਹੀਦਾਂ ਦਾ ਸਨਮਾਨ ਕਰਦੇ ਹਨ। ਬਾਕੀ ਰਾਜਨੀਤਿਕ ਪਾਰਟੀਆਂ ਸ਼ਹੀਦਾਂ ਦੇ ਨਾਂਅ ’ਤੇ ਸਿਆਸਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 10 ਸਾਲ ਰਹੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਤੱਕ ਹੈ, ਉਨ੍ਹਾਂ ਨੇ ਕਦੇ ਵੀ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰ ਵਿਚੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਇਸ ਰਾਸ਼ੀ ਦਾ ਐਲਾਨ ਕਰਕੇ ਸਿੱਖ ਕੌਮ ਦੇ ਜ਼ਖ਼ਮ ’ਤੇ ਮਰਮ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਬਜੀਤ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਚਾਹੁੰਦੇ ਹਨ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸੇ ਸਥਾਨ ’ਤੇ ਬਣਾਈ ਜਾਵੇ, ਜਿਥੇ ਸਤਲੁਜ ਦਰਿਆ ਦੇ ਨੇੜੇ ਭਾਈ ਖਾਲੜਾ ਨੂੰ ਸ਼ਹੀਦ ਕੀਤਾ ਗਿਆ ਸੀ। ਸਰਬਜੀਤ ਸਿੰਘ ਖ਼ਾਲਸਾ ਨੇ ਆਪਣੇ ਫ਼ੇਸਬੁੱਕ ’ਤੇ ਪਾਈ ਪੋਸਟ ’ਚ ਇਹ ਵੀ ਕਿਹਾ ਕਿ ਐਮ.ਪੀ. ਲੈਂਡ ਫ਼ੰਡ ਨਿੱਜੀ ਜ਼ਮੀਨ ’ਤੇ ਨਹੀਂ ਲੱਗ ਸਕਦਾ ਇਸ ਲਈ ਪੰਜਾਬ ਸਰਕਾਰ ਨੂੰ ਤੁਰੰਤ ਹਰੀਕੇ ਪੱਤਣ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਲਈ ਸਰਕਾਰੀ ਜ਼ਮੀਨ ਮੁਹੱਈਆ ਕਰਵਾਉਣੀ ਚਾਹੀਦੀ ਹੈ।
ਸਰਬਜੀਤ ਸਿੰਘ ਖ਼ਾਲਸਾ ਵਲੋਂ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ 1 ਕਰੋੜ ਰੁਪਏ ਦੇਣ ਦਾ ਐਲਾਨ-ਦਲੇਰ ਸਿੰਘ ਡੋਡ
ਅਜੀਤ ਡੈਸਕ
13-07-2026