ਪੰਜ ਪੰਥਕ ਜਥੇਬੰਦੀਆਂ ਵਲੋਂ ਅੱਜ ਗ੍ਰਹਿ ਮੰਤਰੀ ਦੇ ਨਾਂਅ ਦਿੱਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ
ਅਜੀਤ ਡੈਸਕ
14-07-2026
ਚੰਡੀਗੜ੍ਹ, 13 ਜੁਲਾਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 14 ਜੁਲਾਈ ਨੂੰ ਸੂਬੇ ਭਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂਅ ’ਤੇ ਸਾਡੀਆਂ ਪੰਜ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤੇ ਜਾਣਗੇ। ਇਨ੍ਹਾਂ ਮੰਗ ਪੱਤਰਾਂ ’ਚ ਤਿੰਨ ਮੁੱਦਿਆਂ ’ਤੇ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ, ਜਿਨ੍ਹਾਂ ’ਚ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਪੰਜਾਬ 95’ ਨੂੰ ਉਸੇ ਨਾਮ ਹੇਠ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾ ਘਰਾਂ ਵਿਚ ਰਿਲੀਜ਼ ਕੀਤੀ ਜਾਵੇ, ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਵਿਚ ਸਜ਼ਾ-ਜਾਫਤਾ ਮੁਜਰਿਮ ਡੀ.ਐਸ.ਪੀ. ਜਸਪਾਲ ਸਿੰਘ ਅਤੇ ਉਸ ਦੇ ਸਾਥੀ ਜੋ ਲੰਬੇ ਸਮੇਂ ਤੋਂ ਜੇਲ੍ਹ ’ਚੋਂ ਛੁੱਟੀ ਆਉਣ ਤੋਂ ਬਾਅਦ ਫਰਾਰ ਦੱਸੇ ਜਾ ਰਹੇ ਹਨ, ਇਸ ਸਾਰੇ ਮਾਮਲੇ ਦੀ ਪੜਤਾਲ ਕਰਵਾ ਕੇ, ਮੁਜਰਮਾਂ ਨੂੰ ਲੱਭ ਕੇ ਸਲਾਖ਼ਾਂ ਪਿੱਛੇ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅਸੀਂ ਭਾਰਤ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ 1982 ਦੇ ਧਰਮਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 ਵਿਚ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਦੇ ਸਮੇਂ ਵਿਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਇਕ ‘ਪੰਜਾਬ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ’ ਬਣਾਇਆ ਜਾਵੇ, ਜੋ ਤੱਥਾਂ ’ਤੇ ਅਧਾਰਿਤ ਰਿਪੋਰਟ ਲੋਕਾਂ ਸਾਹਮਣੇ ਰੱਖੇ। ਮੰਗ ਪੱਤਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਨਾਲ ਦੂਜੀਆਂ ਪੰਥਕ ਜਥੇਬੰਦੀਆਂ ’ਚ ਯੁਨਾਈਟਡ ਅਕਾਲੀ ਦਲ, ਇੰਟਰਨੈਸ਼ਨਲ ਪੰਥਕ ਦਲ, ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਸ਼ਾਮਿਲ ਹਨ।