ਬਟਾਲਾ, 13 ਜੁਲਾਈ (ਸਤਿੰਦਰ ਸਿੰਘ)- ਬਟਾਲਾ ਅਧੀਨ ਆਉਂਦੇ ਥਾਣਾ ਰੰਗੜ ਨੰਗਲ ਦੇ ਪਿੰਡ ਮੰਨਣ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸੰਬੰਧੀ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ. ਹਰਮੀਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਗੁਰਜੀਤ ਕੌਰ ਪਿੰਡ ਮੰਨਣ ਨੇ ਦੱਸਿਆ ਕਿ ਉਸ ਦੇ ਪਤੀ ਦਵਿੰਦਰ ਸਿੰਘ ਦਾ ਪਿੰਡ ਦੇ ਹੀ ਇਕ ਵਿਅਕਤੀ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਬੀਤੀ ਸ਼ਾਮ ਉਹ ਆਪਣੇ ਘਰ ਦੇ ਨਜ਼ਦੀਕ ਸਥਿਤ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਲਈ ਗਈ ਸੀ ਕਿ ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸ ਦੇ ਘਰ ’ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਤੀ ’ਤੇ ਹਮਲਾ ਕਰ ਦਿੱਤਾ। ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜਦ ਉਸ ਦੀ ਸੱਸ ਕੁਲਵੰਤ ਕੌਰ ਅਤੇ ਬੇਟੀ ਮਨਪ੍ਰੀਤ ਕੌਰ, ਦਵਿੰਦਰ ਸਿੰਘ ਨੂੰ ਬਚਾਉਣ ਲਈ ਅੱਗੇ ਆਈਆਂ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਦੇ ਨਾਲ ਵੀ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਜ਼ਖਮੀ ਕੁਲਵੰਤ ਕੌਰ ਅਤੇ ਮਨਪ੍ਰੀਤ ਕੌਰ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐੱਸ.ਐੱਚ.ਓ. ਹਰਮੀਕ ਸਿੰਘ ਨੇ ਕਿਹਾ ਕਿ ਪੁਲਿਸ ਨੇ ਗੁਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ 3 ਔਰਤਾਂ ਸਮੇਤ 8 ਵਿਅਕਤੀਆਂ ਦੇ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ।