ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੁ: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਪੱਤਰ ਵਿਚ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਪੱਤਰ ਵਿਚ ਕਿਹਾ ਗਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆਂ ਭਰ ਦੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਸੀ। ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿਚ ਡੂੰਘੀ ਨਿਰਾਸ਼ਾ ਅਤੇ ਪੀੜਾ ਹੈ। ਉਨ੍ਹਾਂ ਪੱਤਰ ਵਿਚ ਇਹ ਵੀ ਯਾਦ ਕਰਵਾਇਆ ਗਿਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ, ਸ਼੍ਰੋਮਣੀ ਕਮੇਟੀ ਨੇ ਕਈ ਵਾਰ ਮਤੇ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਰਕਾਰ ਤੱਕ ਪਹੁੰਚਾਈਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਿੱਖ ਭਾਈਚਾਰੇ ਦੀ ਇਸ ਅਪੀਲ ‘ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ।