ਨਵੀਂ ਦਿੱਲੀ, 13 ਜੁਲਾਈ (ਅਜੀਤ ਬਿਊਰੋ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਸੰਸਦੀ ਬੋਰਡ ਦੇ ਸੀਨੀਅਰ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਸੋਮਵਾਰ ਨੂੰ ਕਿਹਾ ਕਿ ਕਿਸੇ ਵੀ ਧਿਰ ਨੂੰ ਦਿਲਜੀਤ ਦੋਸਾਂਝ ਦੀ ਅਦਾਕਾਰੀ ਵਾਲੀ ਫ਼ਿਲਮ ‘ਸਤਲੁਜ’ ਦਾ ਸਿਆਸੀਕਰਨ ਨਹੀਂ ਕਰਨਾ ਚਾਹੀਦਾ ਅਤੇ ਪੰਜਾਬ ਦੇ ਹਰ ਸਿਆਸੀ ਆਗੂ ਨੂੰ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ।ਆਪਣੀ ਹੀ ਪਾਰਟੀ ਦੇ ਸਹਿਯੋਗੀ ਰਵਨੀਤ ਸਿੰਘ ਬਿੱਟੂ ਨੂੰ ਫ਼ਿਲਮ ਵਿੱਚ ਦਿਖਾਈਆਂ ਗਈਆਂ ਮੌਤਾਂ ਦੇ ਦਾਅਵਿਆਂ ‘ਤੇ ਸਵਾਲ ਉਠਾਉਣੇ ਬੰਦ ਕਰਨ ਦੀ ਅਪੀਲ ਕਰਨ ਅਤੇ ਇਨ੍ਹਾਂ ਮਾਮਲਿਆਂ ਵਿਚ ਮੁਆਵਜ਼ੇ ਬਾਰੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਹੁਕਮਾਂ ਦਾ ਹਵਾਲਾ ਦੇਣ ਤੋਂ ਇੱਕ ਦਿਨ ਬਾਅਦ, ਲਾਲਪੁਰਾ ਨੇ ਕਿਹਾ ਕਿ ਪੰਜਾਬ ਵਿਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਜੋ ਕੁਝ ਵੀ ਵਾਪਰਿਆ, ਉਹ ਉਸ ਵੇਲੇ ਦੀ ਸਰਕਾਰ ਦੀਆਂ ਨਾਕਾਮੀਆਂ ਕਾਰਨ ਹੋਇਆ ਸੀ। ਉਨ੍ਹਾਂ ਦੀ ਇਹ ਆਲੋਚਨਾ ਕਾਂਗਰਸ ਵੱਲ ਕੇਂਦਰਿਤ ਸੀ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਰੀਆਂ ਗ਼ੈਰ-ਕਾਂਗਰਸੀ ਪਾਰਟੀਆਂ ਦੀ ਕੋਸ਼ਿਸ਼ ਹਮੇਸ਼ਾ ਸਿੱਖਾਂ ਤੇ ਹਿੰਦੂਆਂ ਦੀ ਏਕਤਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਨੂੰ ਬਣਾਈ ਰੱਖਣ ਦੀ ਰਹੀ ਹੈ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਜ਼ਖਮਾਂ ‘ਤੇ ਮਲ੍ਹਮ ਲਗਾਉਣ ਦਾ ਸਮਾਂ ਹੈ, ਸਿਆਸਤ ਕਰਨ ਦਾ ਨਹੀਂ।