ਚੋਣ ਪ੍ਰਕਿਰਿਆ ਦੀ ਫੋਟੋ ਅਤੇ ਵੀਡੀਓਗ੍ਰਾਫੀ ਲਾਜ਼ਮੀ
ਅਬੋਹਰ, 16 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਸੰਬੰਧੀ ਦਾਇਰ ਰਿਟ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ । ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਮੇਅਰ ਦੀ ਚੋਣ ਪ੍ਰਕਿਰਿਆ ਇਕ ਹਫ਼ਤੇ ਦੇ ਅੰਦਰ-ਅੰਦਰ ਕਾਨੂੰਨ ਅਤੇ ਨਿਯਮਾਂ ਅਨੁਸਾਰ ਕਰਵਾਈ ਜਾਵੇ। ਹਾਈਕੋਰਟ ਨੇ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਇਸ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਇਕ ਸੀਨੀਅਰ ਵਕੀਲ ਨੂੰ ਨਿਗਰਾਨ (ਆਬਜ਼ਰਵਰ) ਵਜੋਂ ਨਿਯੁਕਤ ਕੀਤਾ ਹੈ, ਜੋ ਪੂਰੀ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖਣਗੇ। ਇਸ ਲਈ ਪਟੀਸ਼ਨਕਰਤਾ ਨੂੰ ਨਿਗਰਾਨ ਸੀਨੀਅਰ ਵਕੀਲ ਨੂੰ 2 ਲੱਖ ਰੁਪਏ ਦਾ ਭੁਗਤਾਨ ਕਰਨਾ ਪਵੇਗਾ । ਇਹ ਰਿਟ ਪਟੀਸ਼ਨ ਅਬੋਹਰ ਨਗਰ ਨਿਗਮ ਦੇ ਭਾਜਪਾ ਕੌਂਸਲਰਾਂ ਵਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਮੇਅਰ ਦੀ ਚੋਣ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਹੀਂ ਕਰਵਾਈ ਗਈ। ਸੁਣਵਾਈ ਦੌਰਾਨ ਹਾਈਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਪੱਸ਼ਟ ਕੀਤਾ ਕਿ ਲੋਕਤੰਤਰੀ ਸੰਸਥਾਵਾਂ ਵਿਚ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੋਣੀਆਂ ਚਾਹੀਦੀਆਂ ਹਨ ।
ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਇਕ ਹਫ਼ਤੇ ਅੰਦਰ ਕਰਵਾਈ ਜਾਵੇ-ਹਾਈਕੋਰਟ
ਅਜੀਤ ਡੈਸਕ
17-07-2026