ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦਾ ਐਲਾਨ
ਚੰਡੀਗੜ੍ਹ, 16 ਜੁਲਾਈ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਅਤੇ ਹਲਕਾ ਇੰਚਾਰਜਾਂ ਦੀਆਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈਆਂ ਵੱਖ ਵੱਖ ਮੀਟਿੰਗਾਂ ਵਲੋਂ ਸੂਬੇ ਦੇ ਹਾਲਾਤਾਂ ਅਤੇ ਰਾਜਨੀਤਿਕ ਸਥਿਤੀ ’ਤੇ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ। ਪਾਰਟੀ ਵਲੋਂ ਮੀਟਿੰਗਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀ ਚੋਣ ਰਣਨੀਤੀ ਦਾ ਖਾਕਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ । ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਨੇ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਕਮੇਟੀ ਗਠਿਤ ਕਰਨ ਅਤੇ ਇਸ ਨੂੰ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿਚ ਲਾਗੂ ਕੀਤੇ ਜਾਣ ਵਾਲੇ ਕਾਨੂੰਨੀ ਦਸਤਾਵੇਜ਼ ਵਜੋਂ ਮੰਨਣ ਦਾ ਐਲਾਨ ਕੀਤਾ । ਇਸ ਦੇ ਨਾਲ ਹੀ ‘ਆਪ’ ਸਰਕਾਰ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰਨ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ‘ਆਪਣਾ ਪੰਜਾਬ ਆਪ ਬਚਾਈਏ’ ਮੁਹਿੰਮ ਸ਼ੁਰੂ ਕਰਨ ਅਤੇ ਪ੍ਰਧਾਨ ਮੰਤਰੀ ਕੋਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ ਵਾਹਗਾ ਸਰਹੱਦ ਵਪਾਰ ਲਈ ਖੋਲ੍ਹਣ ਅਤੇ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕਰਨ ਵਰਗੇ ਅਹਿਮ ਫ਼ੈਸਲੇ ਵੀ ਲਏ ਗਏ । ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਸਿਰਫ਼ ਚੋਣ ਵਾਅਦਿਆਂ ਦਾ ਦਸਤਾਵੇਜ਼ ਨਹੀਂ, ਸਗੋਂ ਕਾਨੂੰਨੀ ਵਚਨਬੱਧਤਾ ਵਜੋਂ ਦੇਖਿਆ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਦੀ ਸੂਰਤ ਵਿਚ ਇਸ ਨੂੰ ਪਹਿਲੀ ਹੀ ਕੈਬਨਿਟ ਮੀਟਿੰਗ ’ਚ ਲਾਗੂ ਕਰਨ ਦੀ ਕਾਰਵਾਈ ਕੀਤੀ ਜਾਵੇਗੀ । ਡਾ. ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 18 ਜੁਲਾਈ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਜਿੱਥੇ ਲੋੜ ਹੋਵੇਗੀ ਉੱਥੇ ਹੜ੍ਹ ਰੋਕੂ ਉਪਰਾਲਿਆਂ ਲਈ ਸਹਿਯੋਗ ਦੇਣਗੇ। ਇਹ ਮੁਹਿੰਮ 21, 22 ਅਤੇ 23 ਜੁਲਾਈ ਤੱਕ ਜਾਰੀ ਰਹੇਗੀ । ਇਨ੍ਹਾਂ ਮੀਟਿੰਗਾਂ ਵਿਚ ਬਲਵਿੰਦਰ ਸਿੰਘ ਭੂੰਦੜ, ਬੀਬਾ ਹਰਸਿਮਰਤ ਕੌਰ ਬਾਦਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਸੁੱਚਾ ਸਿੰਘ ਲੰਗਾਹ, ਮਨਤਾਰ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਗੁਰਬਚਨ ਸਿੰਘ ਬਬੇਹਾਲੀ, ਸਰਬਜੀਤ ਸਿੰਘ ਝਿੰਜਰ, ਦਰਬਾਰਾ ਸਿੰਘ ਗੁਰੂ, ਹਰਚਰਨ ਬੈਂਸ, ਬੀਬੀ ਹਰਗੋਬਿੰਦ ਕੌਰ, ਅਰਸ਼ਦੀਪ ਸਿੰਘ ਕਲੇਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ (ਬ) ਨੇ 2027 ਚੋਣਾਂ ਲਈ ਵਿੱਢੀ ਰਣਨੀਤੀ
ਅਜੀਤ ਡੈਸਕ
17-07-2026