13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਵਲੋਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੇ ਮੁਹਾਲੀ ਦੇ ਨਵੇਂ ਬਣੇ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ

Ad Position 21
No active advertisement
ਅਜੀਤ ਡੈਸਕ 18-07-2026
ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਤੇ ਮੁਹਾਲੀ ਵਿਖੇ ਬਣੇ ਨਵੇਂ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਦੀ ਜਲੰਧਰ ਛਾਉਣੀ ਫੇਰੀ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦਾ ਰੇਲਵੇ ਸਟੇਸ਼ਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਲੋਕ ਅਰਪਣ ਕਰ ਦਿੱਤਾ ਗਿਆ। ਇਸ ਸਮਾਗਮ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਕੇਂਦਰ ਦੀ ਮੋਦੀ ਸਰਕਾਰ ਨਾਲ ਹੀ ਸੰਭਵ ਹੈ। ਇਸ ਲਈ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ 75 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰ ਰਹੇ ਹਨ, ਜਿਨ੍ਹਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਰੇਲਵੇ ਸਟੇਸ਼ਨ ਵਿਰਾਸਤੀ ਦਿੱਖ ਵਾਲਾ ਹੈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਦੀ ਜਾਹੋ-ਜਲਾਲ ਦੀ ਕਹਾਣੀ ਆਪਣੇ ਆਪ ਨਜ਼ਰ ਆਉਂਦੀ ਹੈ।ਇਸ ਤੋਂ ਬਾਅਦ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਡਾ. ਪਰਮਿੰਦਰ ਸ਼ਰਮਾ, ਭਾਜਪਾ ਦੇ ਸਾਬਕਾ ਸੂਬਾ ਸਕੱਤਰ ਅਰਵਿੰਦ ਮਿੱਤਲ, ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਆਦਿ ਨੇ ਹਾਜ਼ਰ ਹੋ ਕੇ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਸਮੁੱਚੇ ਇਲਾਕਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਵੀ ਕੀਤਾ।
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 21.24 ਕਰੋੜ ਰੁਪਏ ਦੀ ਲਾਗਤ ਨਾਲ ਪੁਨਰ ਵਿਕਸਿਤ ਕੀਤਾ ਗਿਆ ਸੀ, ਜਿਸ ਦਾ ਅੱਜ ਜਲੰਧਰ ਕੈਂਟ ਤੋਂ ਵਰਚੂਅਲ ਮਾਧਿਅਮ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਦਘਾਟਨ ਕੀਤਾ ਗਿਆ, ਜਦਕਿ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਵਲੋਂ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕਾਕਾ ਬਰਾੜ ਅਤੇ ਰਾਜੇਸ਼ ਗੋਰਾ ਪਠੇਲਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਪੁਨਰ ਵਿਕਸਿਤ ਕਰਨ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰੇਲਵੇ ਮੰਤਰੀ ਦਾ ਧੰਨਵਾਦ ਕੀਤਾ ਗਿਆ। ਜਲੰਧਰ ਕੈਂਟ ਤੋਂ ਵਰਚੂਅਲ ਮਾਧਿਅਮ ਰਾਹੀਂ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦੇ ਵਰਚੂਅਲ ਉਦਘਾਟਨੀ ਸਮਾਗਮ ਨੂੰ ਵੱਡੀਆਂ ਸਕਰੀਨਾਂ ’ਤੇ ਹਾਜ਼ਰ ਲੋਕਾਂ ਵਲੋਂ ਵੇਖਿਆ ਗਿਆ। ਸਮਾਗਮ ਵਿਚ ਵੱਡੀਆਂ ਸਕਰੀਨਾਂ ਲਗਾ ਕੇ ਜਲੰਧਰ ਕੈਂਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਤੇ ਉਦਘਾਟਨੀ ਸਮਾਗਮ ਸਮੇਤ ਸਾਰੇ ਪ੍ਰੋਗਰਾਮ ਨੂੰ ਪ੍ਰਸਾਰਿਤ ਕੀਤਾ ਗਿਆ।
ਐੱਸ. ਏ. ਐੱਸ. ਨਗਰ, (ਤਰਵਿੰਦਰ ਸਿੰਘ ਬੈਨੀਪਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਰੇਲਵੇ ਸਟੇਸ਼ਨ ਦਾ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਵੀਨੀਕਰਨ ਅਤੇ ਆਧੁਨਿਕੀਕਰਨ ਕਰਨ ਉਪਰੰਤ ਵਰਚੂਅਲ ਉਦਘਾਟਨ ਕੀਤਾ ਗਿਆ। ਇਸ ਮੌਕੇ ਜਿਥੇ ਰੇਲਵੇ ਵਿਭਾਗ ਵਲੋਂ ਮੁਹਾਲੀ ਰੇਲਵੇ ਸਟੇਸ਼ਨ ਨੂੰ ਬਹੁਤ ਸ਼ਾਨਦਾਰ ਢੰਗ ਨਾਲ ਸਜਾਇਆ ਹੋਇਆ ਸੀ, ਉਥੇ ਐਸ. ਪੀ. ਸ਼ਹਿਰੀ ਦੀ ਅਗਵਾਈ ਹੇਠ ਮੁਹਾਲੀ ਪੁਲਿਸ ਪ੍ਰਸ਼ਾਸਨ ਵਲੋਂ ਵੀ ਸਖ਼ਤ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਕਰਵਾਏ ਸਮਾਗਮ ਵਿਚ ਰੇਲਵੇ ਨੋਡਲ ਅਫ਼ਸਰ ਰਾਕੇਸ਼ ਕੁਮਾਰ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਐਸ. ਐਮ. ਐਸ. ਸੰਧੂ, ਰਣਜੀਤ ਸਿੰਘ ਗਿੱਲ, ਗੁਰਦਰਸ਼ਨ ਸਿੰਘ ਸੈਣੀ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਆਦਿ ਹਾਜ਼ਰ ਸਨ। ਇਸ ਮੌਕੇ ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਇਸ ਰੇਲਵੇ ਸਟੇਸ਼ਨ ’ਤੇ 12 ਕਰੋੜ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮ ਕੀਤੇ ਗਏ ਹਨ, ਜਿਨ੍ਹਾਂ ਵਿਚ ਪਲੇਟਫ਼ਾਰਮਾਂ ਦੇ ਵਿਸਥਾਰ ਤੋਂ ਇਲਾਵਾ ਪਲੇਟਫ਼ਾਰਮਾਂ ਵਿਚਾਲੇ ਪੁਲ ਦੀ ਉਸਾਰੀ ਵੀ ਸ਼ਾਮਿਲ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਚਿੱਟੇ ਦੀ ਵੱਧ ਮਾਤਰਾ ਨਾਲ 2 ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਪੰਜਾਬ ਨੂੰ ਔਰਤ ਕਿਸਾਨਾਂ ਨੂੰ ਕਾਨੂੰਨੀ ਮਾਨਤਾ ਦੇਣੀ ਚਾਹੀਦੀ ਹੈ–ਡਾ. ਸੰਧੂ
Ad Position 24