13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕੇਂਦਰ ਸਰਕਾਰ ਸਿਹਤ, ਸੜਕ ਸੰਪਰਕ ਤੇ ਆਧੁਨਿਕ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ-ਮੋਦੀ

Ad Position 21
No active advertisement
ਅਜੀਤ ਡੈਸਕ 18-07-2026
ਸੰਦੀਪ ਕੁਮਾਰ ਮਾਹਨਾ

ਚੰਡੀਗੜ੍ਹ, 17 ਜੁਲਾਈ–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੌਰੇ ਦੌਰਾਨ ਸਿਹਤ, ਸਿੱਖਿਆ ਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ 4700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖ ਕੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਨੂੰ ਵੱਡੀ ਵਿਕਾਸ ਦੀ ਸੌਗਾਤ ਦਿੱਤੀ। ਪ੍ਰਧਾਨ ਮੰਤਰੀ ਨੇ ਸੰਬੋਧਨ ’ਚ ਕਿਹਾ ਕਿ ਅੱਜ ਦਾ ਦਿਨ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਲਈ ਵਿਕਾਸ ਦੇ ਨਜ਼ਰੀਏ ਨਾਲ ਇਤਿਹਾਸਕ ਹੈ। ਚੰਡੀਗੜ੍ਹ ਉੱਤਰੀ ਭਾਰਤ ਦਾ ਮਹੱਤਵਪੂਰਨ ਕੇਂਦਰ ਹੈ ਅਤੇ ਇਥੇ ਹੋਣ ਵਾਲਾ ਵਿਕਾਸ ਸਿਰਫ਼ ਸ਼ਹਿਰ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੱਖਾਂ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਹਤ, ਸੜਕ ਸੰਪਰਕ ਅਤੇ ਆਧੁਨਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ। ਸਮਾਗਮ ’ਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਦੇ ਸਾਬਕਾ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੇਂਦਰੀ, ਸੂਬਾਈ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਪ੍ਰਧਾਨ ਮੰਤਰੀ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਵਿਖੇ ਅਤਿ-ਆਧੁਨਿਕ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਅਤੇ ਐਡਵਾਂਸਡ ਨਿਊਰੋਸਾਇੰਸ ਸੈਂਟਰ ਰਾਸ਼ਟਰ ਨੂੰ ਸਮਰਪਿਤ ਕੀਤਾ। ਨਾਲ ਹੀ ਉਨ੍ਹਾਂ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਗੰਭੀਰ ਅਤੇ ਜਟਿਲ ਬਿਮਾਰੀਆਂ ਦੇ ਇਲਾਜ ਲਈ ਉੱਚ ਪੱਧਰੀ ਸਹੂਲਤਾਂ ਉਪਲਬਧ ਹੋਣਗੀਆਂ। ਪ੍ਰਧਾਨ ਮੰਤਰੀ ਨੇ ਆਈ.ਟੀ. ਸਿਟੀ-ਕੁਰਾਲੀ ਹਾਈਵੇਅ ਦਾ ਉਦਘਾਟਨ ਕੀਤਾ ਅਤੇ ਜ਼ੀਰਕਪੁਰ ਬਾਈਪਾਸ (ਪੀ.ਆਰ.-7 ਸਪਰ) ਦਾ ਨੀਂਹ ਪੱਥਰ ਰੱਖਿਆ। 3300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਇਹ ਸੜਕੀ ਪ੍ਰਾਜੈਕਟ ਖੇਤਰ ’ਚ ਟਰੈਫਿਕ ਦਾ ਦਬਾਅ ਘਟਾਉਣ, ਉਦਯੋਗਿਕ ਵਿਕਾਸ ਨੂੰ ਗਤੀ ਦੇਣ ਅਤੇ ਆਵਾਜਾਈ ਨੂੰ ਹੋਰ ਸੁਗਮ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ।
ਸਿਹਤ ਹਰ ਨਾਗਰਿਕ ਦਾ ਅਧਿਕਾਰ ਬਣ ਰਹੀ ਹੈ-ਮੋਦੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ’ਚ ਸਿਹਤ ਸੇਵਾਵਾਂ ਹੁਣ ਹਰ ਨਾਗਰਿਕ ਦਾ ਅਧਿਕਾਰ ਬਣਦੀਆਂ ਜਾ ਰਹੀਆਂ ਹਨ। ਪਹਿਲਾਂ ਮੈਡੀਕਲ ਕਾਲਜਾਂ ਅਤੇ ਐੱਮ.ਬੀ.ਬੀ.ਐੱਸ. ਦੀਆਂ ਸੀਟਾਂ ਘੱਟ ਹੋਣ ਕਾਰਨ ਨੌਜਵਾਨਾਂ ਨੂੰ ਡਾਕਟਰ ਬਣਨ ਦਾ ਮੌਕਾ ਨਹੀਂ ਮਿਲਦਾ ਸੀ, ਪਰ ਹੁਣ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਚੰਡੀਗੜ੍ਹ ’ਚ ਨਵੇਂ ਐੱਮ.ਬੀ.ਬੀ.ਐੱਸ. ਕਾਲਜ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਤੇ ਜਲਦੀ ਹੀ ਇਥੇ ਪੜ੍ਹਾਈ ਸ਼ੁਰੂ ਹੋਵੇਗੀ, ਜਿਸ ਨਾਲ ਖੇਤਰ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪਹਿਲਾਂ ਹੀ ਸਿੱਖਿਆ ਅਤੇ ਖੋਜ ਦਾ ਵੱਡਾ ਕੇਂਦਰ ਹੈ ਤੇ ਆਉਣ ਵਾਲੇ ਸਮੇਂ ’ਚ ਇਹ ਸਟਾਰਟਅੱਪ, ਨਵੀਨਤਾ ਅਤੇ ਉੱਚ ਤਕਨਾਲੋਜੀ ਦਾ ਹੱਬ ਬਣੇਗਾ। ਇਸੇ ਕੜੀ ’ਚ ਪੰਜਾਬ ਇੰਜੀਨੀਅਰਿੰਗ ਕਾਲਜ (ਪੀ.ਈ.ਸੀ.) ਅਤੇ ਸਰਕਾਰੀ ਕਾਲਜ, ਸੈਕਟਰ-46 ’ਚ ਨਵੇਂ ਹੋਸਟਲਾਂ ਦਾ ਉਦਘਾਟਨ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਨਸੂਈ ਬੁੱਧੀ (ਏ.ਆਈ.), ਸੈਮੀਕੰਡਕਟਰ ਅਤੇ ਡੀਪ-ਟੈਕ ਵਰਗੀਆਂ ਨਵੀਆਂ ਤਕਨਾਲੋਜੀਆਂ ’ਚ ਭਾਰਤ ਨੂੰ ਅੱਗੇ ਲਿਜਾਣ ’ਚ ਚੰਡੀਗੜ੍ਹ ਦੇ ਨੌਜਵਾਨ ਅਤੇ ਅਧਿਆਪਕ ਅਹਿਮ ਭੂਮਿਕਾ ਨਿਭਾਉਣਗੇ।
ਸਵੱਛ ਭਾਰਤ ਅਭਿਆਨ ਦਾ ਕੀਤਾ ਜ਼ਿਕਰ, ਆਈ.ਪੀ.ਐੱਸ. ਇੰਦਰਜੀਤ ਸਿੰਘ ਸਿੱਧੂ ਦੀ ਕੀਤੀ ਸ਼ਲਾਘਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਦੇਸ਼ ਦੀ ਸਭ ਤੋਂ ਵੱਡੀ ਜਨ-ਭਾਗੀਦਾਰੀ ਮੁਹਿੰਮ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਲੋਕਾਂ ਦੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਚੰਡੀਗੜ੍ਹ ਦੇ ਆਈ.ਪੀ.ਐੱਸ. ਅਧਿਕਾਰੀ ਇੰਦਰਜੀਤ ਸਿੰਘ ਸਿੱਧੂ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ‘ਸਵੱਛਤਾ ਸਿਪਾਹੀ’ ਵਜੋਂ ਵਿਲੱਖਣ ਪਛਾਣ ਬਣਾਈ ਹੈ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਉਹ ਇਸ ਮੁਹਿੰਮ ਨੂੰ ਦੇਖਦੇ ਰਹੇ ਹਨ ਤੇ ਇਸ ਉਪਰਾਲੇ ਲਈ ਚੰਡੀਗੜ੍ਹ ਵਾਸੀ ਵਧਾਈ ਦੇ ਹੱਕਦਾਰ ਹਨ।
Ad Position 22
No active advertisement
ਪਿਛਲੀ ਖ਼ਬਰ ਸਾਰੇ ਪੋਲਿੰਗ ਬੂਥਾਂ ’ਤੇ ਇਕ ਰੋਜ਼ਾ ਵਿਸ਼ੇਸ਼ ਐੱਸ.ਆਈ.ਆਰ. ਕੈਂਪ ਐਤਵਾਰ ਨੂੰ-ਅਨੰਦਿਤਾ ਮਿਤਰਾ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਚਿੱਟੇ ਦੀ ਵੱਧ ਮਾਤਰਾ ਨਾਲ 2 ਨੌਜਵਾਨਾਂ ਦੀ ਮੌਤ
Ad Position 24