ਐੱਸ. ਏ. ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਅਗਵਾਈ ਵਿਚ ਪਿਛਲੇ 6 ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਥਾਨਕ ਫੇਜ਼-8 ਸਥਿਤ ਡੀ. ਐਸ. ਈ. ਦਫ਼ਤਰ ਦਾ ਘਿਰਾਓ ਕਰਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ, ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ, ਐੱਨ. ਐੱਨ. ਸੈਣੀ, ਰਮੇਸ਼ ਦਸੂਹਾ, ਡਾ. ਗੁਰਮੀਤ ਸਿੰਘ, ਦਲਜੀਤ ਸਿੰਘ, ਐਬਿਟ ਮਸੀਹ ਤੇ ਅਸ਼ੋਕ ਵਡੇਰਾ ਆਦਿ ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ ਕੈਬਨਿਟ ਸਬ-ਕਮੇਟੀ ਨਾਲ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਵਿਚ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਕਮੇਟੀ ਵਲੋਂ ਵਿਭਾਗੀ ਅਫ਼ਸਰਾਂ ਨੂੰ ਬਿਨਾਂ ਆਡਿਟ ਪੈਰਾ ਰਿਪੋਰਟ ਉਡੀਕੇ ‘ਜਨਵਰੀ ਤੋਂ ਮਾਰਚ 2026 ਦੀ ਗ੍ਰਾਂਟ’ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਅੱਜ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਇਹ ਗ੍ਰਾਂਟ ਜਾਰੀ ਨਹੀਂ ਹੋਈ। ਇਸ ਦੌਰਾਨ ਸਥਾਨਕ ਪ੍ਰਸ਼ਾਸਨ ਵਲੋਂ ਯੂਨੀਅਨ ਆਗੂਆਂ ਦੀ 5 ਅਗਸਤ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਇਲਾਵਾ ਡੀ. ਐਸ. ਈ. (ਸ. ਸ.) ਸਕੱਤਰ ਸਿੰਘ ਬੱਲ ਨਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਡੀ. ਐਸ. ਈ. (ਸ. ਸ.) ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਨ੍ਹਾਂ ਏਡਿਡ ਸਕੂਲਾਂ ਦੇ ਦਸਤਾਵੇਜ਼ ਪੂਰੇ ਸਨ ਉਨ੍ਹਾਂ ਸਕੂਲਾਂ ਦੀਆਂ ਗ੍ਰਾਂਟਾਂ ਅੱਜ ਜਾਰੀ ਕਰ ਦਿੱਤੀਆਂ ਜਾਣਗੀਆਂ, ਜਦਕਿ ਬਾਕੀ ਰਹਿੰਦੇ ਸਕੂਲਾਂ ਦੀਆਂ ਗ੍ਰਾਂਟਾਂ ਦੇ ਦਸਤਾਵੇਜ਼ ਪੂਰੇ ਹੋਣ ‘ਤੇ ਤੁਰੰਤ ਗ੍ਰਾਂਟਾਂ ਜਾਰੀ ਕਰ ਦਿੱਤੀਆਂ ਜਾਣਗੀਆਂ।
ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ ਡੀ. ਐੱਸ. ਈ. ਦਫ਼ਤਰ ਦਾ ਘਿਰਾਓ ਤੇ ਸੂਬਾ ਪੱਧਰੀ ਰੋਸ ਰੈਲੀ
ਅਜੀਤ ਡੈਸਕ
22-07-2026