ਕਿਹਾ, ਕੇਂਦਰ ਸਰਕਾਰ ਦਿੱਲੀ ਵਿਖੇ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੇ
ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੀ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੀ ਫੇਰੀ ਦੌਰਾਨ ਮਾਝਾ ਖੇਤਰ ਦੇ ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਜੀ ਚੈਰੀਟੇਬਲ ਹਸਪਤਾਲ ਤੇ ਮੈਡੀਕਲ ਕਾਲਜ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਭਾਈ ਰਜਿੰਦਰ ਸਿੰਘ ਮਹਿਤਾ, ਸੁੱਚਾ ਸਿੰਘ ਲੰਗਾਹ ਤੇ ਵਿਰਸਾ ਸਿੰਘ ਵਲਟੋਹਾ ਸਮੇਤ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਹਲਕਾ ਇੰਚਾਰਜ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਿਲ ਹੋਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿਖੇ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ, ਜਿਨ੍ਹਾਂ ਦੀ ਸੰਸਦ ਤੱਕ ਮਾਰਚ ਦੌਰਾਨ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਦੇ ਮਸਲੇ ਜਲਦ ਹੱਲ ਕਰਨ। ਉਨ੍ਹਾਂ ਕਿਹਾ ਕਿ ਇਹ ਸਾਡੇ ਹੀ ਬੱਚੇ ਹਨ ਇਨ੍ਹਾਂ ਵਿਦਿਆਰਥੀਆਂ ਨਾਲ ਟਕਰਾਅ ਦੀ ਨੀਤੀ ਅਪਣਾਉਣ ਦੀ ਥਾਂ ਉਨ੍ਹਾਂ ਪ੍ਰਤੀ ਪਿਆਰ ਤੇ ਖਿਆਲ ਰੱਖਣ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਕਿਸਾਨ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਬਾਰੇ ਭਾਰਤ-ਅਮਰੀਕਾ ਸਮਝੌਤੇ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਦਸ਼ਾ ਹੈ ਕਿ ਇਸ ਵਪਾਰ ਸਮਝੌਤੇ ਦਾ ਦੇਸ਼ ਦੇ ਖੇਤੀਬਾੜੀ ਅਰਥਚਾਰੇ ‘ਤੇ ਮਾੜਾ ਅਸਰ ਪਵੇਗਾ, ਕਿਉਂਕਿ ਇਸ ਨਾਲ ਅਮਰੀਕਾ ਤੋਂ ਸਸਤੇ ਖੇਤੀਬਾੜੀ ਤੇ ਡੇਅਰੀ ਪਦਾਰਥਾਂ ਦੀ ਦਰਾਮਦ ਵਧੇਗੀ। ਉਨ੍ਹਾਂ ਕਿਹਾ ਕਿ ਮਾਝਾ ਖੇਤਰ ਦੇ ਜਿਹੜੇ ਪਿੰਡਾਂ ਵਿਚ ਪਿਛਲੇ ਸਾਲ ਧੁੱਸੀ ਬੰਨ ਟੁੱਟਣ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਸੀ, ਜੇਕਰ ਸਰਕਾਰ ਨੇ ਇਨ੍ਹਾਂ ਬੰਨ ਮਜ਼ਬੂਤ ਨਾ ਕੀਤੇ ਤਾਂ ਅਕਾਲੀ ਦਲ ਖ਼ੁਦ ਇਹ ਕਾਰਜ ਕਰੇਗਾ ਤਾਂ ਕਿ ਹੜ੍ਹ ਆਉਣ ਦੀ ਸੂਰਤ ਵਿਚ ਕਿਸਾਨਾਂ ਨੂੰ ਮੁੜ ਨੁਕਸਾਨ ਨਾ ਝੱਲਣਾ ਪਵੇ।ਸੁਖਬੀਰ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ 24 ਜੁਲਾਈ ਨੂੰ ਮੀਰੀ-ਪੀਰੀ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼ੁਰੂ ਹੋ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਵੱਧ ਚੜ੍ਹ ਕੇ ਭਾਗ ਲਵੇਗਾ।ਇਕੱਤਰਤਾ ਵਿਚ ਜੋਧ ਸਿੰਘ ਸਮਰਾ, ਵੀਰ ਸਿੰਘ ਲੋਪੋਕੇ, ਰਾਜਵਿੰਦਰ ਸਿੰਘ ਰਾਜਾ ਲਦੇਹ, ਅਲਵਿੰਦਰਪਾਲ ਸਿੰਘ ਪੱਖੋਕੇ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਖੁਸ਼ਵਿੰਦਰ ਸਿੰਘ ਭਾਟੀਆ, ਸੁਖਵਰਸ਼ ਸਿੰਘ ਪੰਨੂ, ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਬਲਜੀਤ ਸਿੰਘ ਜਲਾਲਉਸਮਾ, ਗੁਰਪੀਤ ਸਿੰਘ ਝੱਬਰ, ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਬਚਨ ਸਿੰਘ ਕਰਮੂੰਵਾਲ, ਅਮਰਜੀਤ ਸਿੰਘ ਸਮੇਤ ਹੋਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।
ਮਾਝਾ ਖੇਤਰ ਦੇ ਹਲਕਾ ਇੰਚਾਰਜਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸੁਖਬੀਰ ਵਲੋਂ ਅਹਿਮ ਇਕੱਤਰਤਾ
ਅਜੀਤ ਡੈਸਕ
22-07-2026