ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪੀ.ਐੱਸ.ਈ.ਬੀ. ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ. 24), ਮੁਲਾਜ਼ਮ ਯੂਨਾਇਟਿਡ ਔਰਗੇਨਾਈਜ਼ੇਸ਼ਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਪੈਨਸ਼ਨ ਵੈਲਫੇਅਰ ਫੈਡਰੇਸ਼ਨ ਦੇ ਸੱਦੇ ’ਤੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਸਮੁੱਚੇ ਪੰਜਾਬ ਦਾ ਕੰਮ ਕਾਰ ਠੱਪ ਕਰਕੇ ਪੰਜਾਬ ਦੇ ਵੱਖ-ਵੱਖ ਮੰਡਲ/ਉਪ ਮੰਡਲ ਦਫ਼ਤਰਾਂ ਅੱਗੇ ਰੈਲੀਆਂ ਕੀਤੀਆਂ ਗਈਆਂ ਅਤੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਦਿੰਦਿਆਂ ਸਾਂਝੇ ਥੜੇ ਦੇ ਆਗੂਆਂ ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਦਲੀਪ ਕੁਮਾਰ, ਗੁਰਪਿਆਰ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਅਹਿਮ ਮੰਗਾਂ/ਮਸਲਿਆਂ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ। ਆਗੂਆਂ ਨੇ ਦੱਸਿਆ ਕਿ ਬਿਜਲੀ ਨਿਗਮ ਅੰਦਰ ਹਜ਼ਾਰਾਂ ਅਸਾਮੀਆਂ ਖ਼ਾਲੀ ਹਨ, ਭਾਰੀ ਕੰਮ ਦੇ ਬੋਝ ਹੇਠ ਦਬੇ ਕਾਮੇ ਹਰ ਰੋਜ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਫਿਰ ਵੀ ਇਨ੍ਹਾਂ ਕਾਮਿਆਂ ਨੂੰ ਅਪਣੀਆਂ ਹੱਕੀਂ ਮੰਗਾਂ ਜਿਵੇਂ ਕਿ 17-07-20 ਦਾ ਪੱਤਰ ਰੱਦ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਸਿਧਾਂਤ ਅਨੁਸਾਰ ਬਿਜਲੀ ਕਾਮਿਆਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕੀਤੇ ਜਾਣ, ਸੋਧੇ ਸਕੇਲ ਲਾਗੂ ਹੋਣ ਤੋਂ ਬਾਅਦ ਤਰੱਕੀ ਹੋਣ ਵਾਲੇ ਕਰਮਚਾਰੀਆਂ ਨੂੰ ਪੇ ਬੈਂਡ ਲਾਗੂ ਕਰਨਾ ਆਦਿ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੀ ਬਿਜਲੀ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨਾਲ ਕਈ ਵਾਰ ਮੀਟਿੰਗ ਹੋਈ ਹੈ, ਪ੍ਰੰਤੂ ਮੰਗਾਂ ਮਸਲੇ ਹੱਲ ਕਰਨ ਦੀ ਬਜਾਇ ਮੈਨੇਜਮੈਂਟ ਅਤੇ ਸਰਕਾਰ ਵਲੋਂ ਨਵੇਂ ਮਸਲੇ ਪੈਦਾ ਕੀਤੇ ਜਾ ਰਹੇ ਹਨ, ਜਿਸ ਦੇ ਵਿਰੋਧ ਵਿਚ ਪੰਜਾਬ ਦੇ ਰੈਗੂਲਰ ਬਿਜਲੀ ਕਾਮੇ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਅਪਣਾ ਰੋਸ ਪ੍ਰਗਟ ਕਰ ਰਹੇ ਹਨ। ਆਗੂਆਂ ਨੇ ਦੱਸਿਆ ਕਿ ਅੱਜ ਸਮੁੱਚੇ ਪੰਜਾਬ ਅੰਦਰ ਲਗਭਗ 80 ਫ਼ੀਸਦੀ ਤੋਂ ਉੱਪਰ ਕਾਮੇ ਸਮੂਹਿਕ ਛੁੱਟੀ ’ਤੇ ਹਨ ਅਤੇ 22 ਜੁਲਾਈ ਨੂੰ ਵੀ ਕਮਾਈ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ। ਇਸ ਤੋਂ ਇਲਾਵਾ ਬਿਜਲੀ ਨਿਗਮ ਦੇ ਪੈਨਸ਼ਨਰਜ਼ 22 ਜੁਲਾਈ ਨੂੰ ਸਮੁੱਚੇ ਪੰਜਾਬ ਦੇ ਡੀ.ਸੀ. ਦਫਤਰਾਂ ਅੱਗੇ ਕਾਲੇ ਝੰਡੇ ਲੈ ਕੇ ਅਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕਰਨਗੇ।
ਸੂਬੇ ਦੇ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ
ਅਜੀਤ ਡੈਸਕ
22-07-2026