ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਯਾਦਗਾਰ ਬਣਾਉਣ ਲਈ ਹਰੀਕੇ ਪੱਤਣ ਵਿਖੇ ਜਿਥੇ ਪੁਲਿਸ ਨੇ ਉਨ੍ਹਾਂ ਨੂੰ ਸ਼ਹੀਦ ਕੀਤਾ ਸੀ, ਲਈ ਸਰਕਾਰੀ ਜ਼ਮੀਨ ਅਲਾਟ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਉਨ੍ਹਾਂ ਨੇ ਆਪਣੇ ਐਮ.ਪੀ. ਲੈਂਡ ਫ਼ੰਡ ਵਿਚੋਂ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ। ਸਰਬਜੀਤ ਸਿੰਘ ਖ਼ਾਲਸਾ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਪਿਛਲੀ ਸਦੀ ਦੇ 9ਵੇਂ ਦਹਾਕੇ ਦੌਰਾਨ ਪੰਜਾਬ ਅੰਦਰ ਵਾਪਰੇ ਕਾਲੇ ਦੌਰ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਆਪਣੀਆਂ ਤਰੱਕੀਆਂ ਲਈ ਬੇਕਸੂਰ ਲੋਕਾਂ ਨੂੰ ਘਰੋਂ ਚੁੱਕ ਕੇ ਮਾਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਲਾਵਾਰਸ ਕਹਿ ਕੇ ਅੰਤਿਮ ਸੰਸਕਾਰ ਕਰ ਦਿੱਤਾ ਸੀ ਅਤੇ ਕਈ ਲਾਸ਼ਾਂ ਹਰੀਕੇ ਪੱਤਣ ਵਿਖੇ ਨਿਕਲਦੀਆਂ ਨਹਿਰਾਂ ਵਿਚ ਰੋੜ ਦਿੱਤੀਆਂ ਗਈਆਂ ਸਨ। ਇਸ ਸਾਰੇ ਅਣਮਨੁੱਖੀ ਤਸ਼ੱਦਦ ਦੇ ਵਿਰੁੱਧ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਹਜ਼ਾਰਾਂ ਬੇਕਸੂਰ ਲਾਸ਼ਾਂ ਦਾ ਰਿਕਾਰਡ ਇਕੱਠਾ ਕੀਤਾ। ਉਨ੍ਹਾਂ ਨੂੰ ਬਾਅਦ ਵਿਚ ਪੁਲਿਸ ਅਧਿਕਾਰੀਆਂ ਨੇ ਤਸੀਹੇ ਦੇ ਕੇ ਸ਼ਹੀਦ ਕਰਕੇ ਹਰੀਕੇ ਪੱਤਨ ਦਰਿਆ ਵਿਚ ਰੋੜ ਦਿੱਤਾ ਸੀ।