ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਪੁਲਿਸ ਸੇਵਾ (ਪੀ.ਪੀ.ਐਸ.) ਦੇ 19 ਅਧਿਕਾਰੀਆਂ ਦੀ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਵਿਚ ਤਰੱਕੀ ਦਾ ਰਾਹ ਸਾਫ਼ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਆਈ.ਪੀ.ਐਸ. ਵਿਚ ਤਰੱਕੀ ਲਈ 19 ਪੀ.ਪੀ.ਐਸ. ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ, ਜਿਸ ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਜਲਦ ਹੀ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਕੋਲ ਭੇਜਿਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਆਈ.ਪੀ.ਐਸ. ਵਿਚ ਤਰੱਕੀ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਪਹੁੰਚੇ ਪੀ.ਪੀ.ਐਸ. ਅਧਿਕਾਰੀ ਰਵਿੰਦਰ ਸਿੰਘ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਾਲ 2022 ਤੋਂ 2025 ਦਰਮਿਆਨ ਆਈ.ਪੀ.ਐਸ. ਵਿਚ ਤਰੱਕੀ ਲਈ ਉਪਲਬਧ ਖਾਲੀ ਅਸਾਮੀਆਂ ਨੂੰ ਧਿਆਨ ’ਚ ਰੱਖਦਿਆਂ 19 ਅਧਿਕਾਰੀਆਂ ਦੇ ਨਾਵਾਂ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜਿਸ ’ਚ ਪਟੀਸ਼ਨਕਰਤਾ ਦਾ ਨਾਂਅ ਵੀ ਸ਼ਾਮਿਲ ਹੈ।ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਪ੍ਰਸਤਾਵ ਹੁਣ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਯੂ.ਪੀ.ਐਸ.ਸੀ. ਨੂੰ ਭੇਜਿਆ ਜਾਵੇਗਾ। ਇਸ ਤੋਂ ਬਾਅਦ ਯੂ.ਪੀ.ਐਸ.ਸੀ. ਵਲੋਂ ਚੋਣ ਸੂਚੀ ਜਾਰੀ ਕੀਤੀ ਜਾਵੇਗੀ, ਜਿਸ ਉਪਰੰਤ ਸੰਬੰਧਿਤ ਅਧਿਕਾਰੀਆਂ ਦੀ ਆਈ.ਪੀ.ਐਸ ਵਿਚ ਤਰੱਕੀ ਦੀ ਕਾਰਵਾਈ ਅੱਗੇ ਵਧੇਗੀ। ਪਟੀਸ਼ਨਕਰਤਾ ਦਾ ਕਹਿਣਾ ਸੀ ਕਿ ਉਹ ਆਈ.ਪੀ.ਐਸ ਵਿਚ ਤਰੱਕੀ ਲਈ ਨਿਰਧਾਰਿਤ ਯੋਗਤਾ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ ਅਤੇ ਨਿਯਮਾਂ ਅਨੁਸਾਰ ਉਸ ਦੇ ਕੇਸ ’ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਆਧਾਰ ’ਤੇ ਉਸ ਨੇ ਹਾਈ ਕੋਰਟ ਤੋਂ ਸਰਕਾਰ ਨੂੰ ਉਸ ਦੇ ਨਾਂ ’ਤੇ ਵਿਚਾਰ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।