ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਲੋਕਤੰਤਰੀ ਸੰਸਥਾਵਾਂ, ਪ੍ਰਸ਼ਾਸਨਿਕ ਢਾਂਚਾ ਅਤੇ ਭਰਤੀ ਪ੍ਰਣਾਲੀ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਪਹਿਲਾਂ ਵਿਰੋਧੀ ਧਿਰ ਨੂੰ ਕਮਜ਼ੋਰ ਕੀਤਾ ਗਿਆ ਅਤੇ ਹੁਣ ਅਫ਼ਸਰਸ਼ਾਹੀ ਵੀ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰਨ ਲਈ ਮਜਬੂਰ ਹੈ। ਇਹ ਦੋਸ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਲਗਾਏ। ਜਾਖੜ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਕਥਿਤ ਧੱਕੇਸ਼ਾਹੀ ਅਤੇ ਫ਼ਾਰਮਾਸਿਸਟ ਭਰਤੀ ਪ੍ਰੀਖਿਆ ਵਿਚ ਸਾਹਮਣੇ ਆਏ ਕਥਿਤ ਨਕਲ ਮਾਮਲੇ ਨੂੰ ਸਰਕਾਰ ਦੀ ਕਾਰਜਸ਼ੈਲੀ ਦਾ ਨਤੀਜਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਵੀ ਮੰਗਿਆ।ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਹਿਲਾਂ ਅਫ਼ਸਰਸ਼ਾਹੀ ਦਾ ਸਿਆਸੀਕਰਨ ਕੀਤਾ ਅਤੇ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ’ਚ ਅਜਿਹਾ ਰੁਝਾਨ ਲੋਕਤੰਤਰ ਅਤੇ ਕਾਨੂੰਨ ਦੇ ਰਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਭਾਜਪਾ ਸਰਕਾਰ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ। ਇਕ ਸਵਾਲ ਦੇ ਜਵਾਬ ’ਚ ਜਾਖੜ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ, ਪਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਬਜਾਏ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਮਨਰੇਗਾ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਬਲ ਪ੍ਰਯੋਗ ਨਾਲ।