ਚੰਡੀਗੜ੍ਹ, 24 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਪੱਤਰਕਾਰ ਮਿਲਣੀ ਦੌਰਾਨ 3 ਤੋਂ 5 ਅਗਸਤ ਤੱਕ ਸੂਬਾ ਪੱਧਰੀ ਮੁਕੰਮਲ ਹੜਤਾਲ ਦਾ ਐਲਾਨ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਕਰੀਬ 7 ਹਜ਼ਾਰ ਕੰਟਰੈਕਟ ਮੁਲਾਜ਼ਮ ਡਿਊਟੀ ਤੋਂ ਦੂਰ ਰਹਿਣਗੇ, ਜਿਸ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੀਆਂ ਕਰੀਬ 2500 ਸਰਕਾਰੀ ਬੱਸਾਂ ਦੇ ਚੱਕੇ ਜਾਮ ਰਹਿਣਗੇ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਅਗਲਾ ਸੰਘਰਸ਼ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅਤੇ 4 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦੇ ਰੂਪ ‘ਚ ਹੋਵੇਗਾ।ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕੰਟਰੈਕਟ ਮੁਲਾਜ਼ਮ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਵਿਭਾਗੀ ਅਧਿਕਾਰੀ ਜਾਣਬੁੱਝ ਕੇ ਸਰਕਾਰ ਵਲੋਂ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਨ ‘ਚ ਰੁਕਾਵਟ ਬਣ ਰਹੇ ਹਨ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸੇਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮਾਂ ਨੇ ਹਮੇਸ਼ਾ ਗੱਲਬਾਤ ਅਤੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਹਨ ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ ਹਨ।