ਚੰਡੀਗੜ੍ਹ, 24 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਸਿਰਫ਼ ਵਾਅਦੇ ਨਹੀਂ, ਸਗੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਨਾਂਅ ਦੀਆਂ ਸਹੁੰਆਂ ਖਾ ਕੇ ਗਾਰੰਟੀਆਂ ਦਿੱਤੀਆਂ ਗਈਆਂ ਸਨ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ, ਮੁਾਫੀਆ ਰਾਜ, ਨਸ਼ਾ, ਗੈਂਗਸਟਰਵਾਦ ਅਤੇ ਬੇਰੁਜ਼ਗਾਰੀ ਅਤੇ ਕਰਜ਼ੇ ਦਾ ਖਾਤਮਾ ਕੀਤਾ ਜਾਵੇਗਾ ਅਤੇ ਪਿਛਲੀਆਂ ਸਰਕਾਰਾਂ ਵਲੋਂ ਲੁੱਟਿਆ ਗਿਆ ਇਕ-ਇਕ ਪੈਸਾ ਵਾਪਸ ਲਿਆ ਕੇ ਪੰਜਾਬ ਦਾ ਖ਼ਜ਼ਾਨਾ ਭਰਿਆ ਜਾਵੇਗਾ।ਦੂਲੋਂ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਚੁੱਕੇ ਹਨ। ਹੁਣ ਭਗਵੰਤ ਮਾਨ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਉਹ ਸਟੇਜਾਂ ’ਤੇ ਕਲਾਕਾਰੀ ਦਿਖਾਉਣ ਵਾਲੇ ਨਹੀਂ, ਸਗੋਂ ਪੰਜਾਬ ਦੇ ਮੁੱਖ ਮੰਤਰੀ ਹਨ। ਮੁੱਖ ਮੰਤਰੀ ਦੀ ਕੁਰਸੀ ਜ਼ਿੰਮੇਵਾਰੀ ਦੀ ਹੁੰਦੀ ਹੈ, ਜੁਮਲੇਬਾਜ਼ੀ ਦੀ ਨਹੀਂ। ਇਸ ਲਈ ਹੁਣ ਪੰਜਾਬ ਦੇ ਲੋਕਾਂ ਨੂੰ ਜਵਾਬ ਦਿੱਤਾ ਜਾਵੇ ਕਿ ਚੋਣਾਂ ਤੋਂ ਪਹਿਲਾਂ ਕੀਤੇ ਹਰ ਵਾਅਦੇ ਦਾ ਕੀ ਬਣਿਆ? ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਹਰ ਰੋਜ਼ ਕਹਿੰਦੇ ਸਨ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਅਤੇ ਅਧਿਕਾਰੀਆਂ ਦੀਆਂ ਭ੍ਰਿਸ਼ਟਾਚਾਰ ਵਾਲੀਆਂ ਫਾਈਲਾਂ ਤਿਆਰ ਪਈਆਂ ਹਨ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਪੰਜਾਬ ਦਾ ਖ਼ਜ਼ਾਨਾ ਭਰਿਆ ਜਾਵੇਗਾ ਅਤੇ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਅੱਜ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਉਨ੍ਹਾਂ ਕਥਿਤ ਭ੍ਰਿਸ਼ਟਾਚਾਰੀਆਂ ਤੋਂ ਹੁਣ ਤੱਕ ਕਿੰਨੇ ਕਰੋੜ ਰੁਪਏ ਵਸੂਲ ਕਰਕੇ ਪੰਜਾਬ ਦੇ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਏ ਗਏ ਹਨ? ਜੇ ਕੋਈ ਵੱਡੀ ਰਿਕਵਰੀ ਹੋਈ ਹੈ ਤਾਂ ਸਰਕਾਰ ਸ਼ਵੇਤ ਪੱਤਰ ਜਾਰੀ ਕਰੇ।