ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ (ਭੁੱਲਰ, ਧਾਲੀਵਾਲ, ਸੱਗੂ)-ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ. ਐਸ. ਪੀ. ਸੀ. ਐਲ.) ਦੇ ਹੜਤਾਲੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਆਪਣੀ ਹੜਤਾਲ ਵਾਪਸ ਲੈਣ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਦੇ ਅਹਿਮ ਮੌਸਮ ਦੌਰਾਨ ਬਿਜਲੀ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਅਤੇ ਸੂਬੇ ਦੇ ਕਰੀਬ 3 ਕਰੋੜ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮ ਯੂਨੀਅਨਾਂ ਦੀ ਮੰਗ ‘ਤੇ ਕਰੀਬ 25 ਦਿਨ ਪਹਿਲਾਂ ਸਰਕਾਰ ਨੇ ਇਕ ਉੱਚ ਪੱਧਰੀ ਕਮੇਟੀ ਬਣਾਈ ਸੀ, ਜਿਸ ਵਿਚ ਸਰਕਾਰ ਅਤੇ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਿਲ ਹਨ। ਇਹ ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਲਗਾਤਾਰ ਵਿਚਾਰ ਕਰ ਰਹੀ ਹੈ ਅਤੇ ਸਰਕਾਰ ਹਰ ਜਾਇਜ਼ ਸਿਫ਼ਾਰਸ਼ ਨੂੰ ਮੰਨਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਕਈ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਹੈ। ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀਆਂ ਵੀ ਕਈ ਮੰਗਾਂ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਜਾਇਜ਼ ਮੰਗਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ।ਅਮਨ ਅਰੋੜਾ ਨੇ ਕਿਹਾ ਕਿ ਗੱਲਬਾਤ ਜਾਰੀ ਹੋਣ ਦੇ ਬਾਵਜੂਦ ਹੜਤਾਲ ਕਰਕੇ ਲੋਕਾਂ ਅਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਮੁਲਾਜ਼ਮਾਂ ਦੀਆਂ ਗੱਲਾਂ ਸੁਣਨ ਅਤੇ ਹੱਲ ਕੱਢਣ ਲਈ ਤਿਆਰ ਹੈ ਪਰ ਲੋਕਾਂ ਨੂੰ ਮੁਸ਼ਕਲ ਵਿਚ ਪਾ ਕੇ ਸਰਕਾਰ ‘ਤੇ ਦਬਾਅ ਬਣਾਉਣਾ ਕਬੂਲ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੀ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਸੰਪਰਕ ਵਿਚ ਹਨ ਤਾਂ ਜੋ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾ ਸਕੇ।ਅਮਨ ਅਰੋੜਾ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਹੜਤਾਲ ਖਤਮ ਕਰਵਾਉਣ ਲਈ ਸਕਾਰਾਤਮਕ ਭੂਮਿਕਾ ਨਿਭਾਉਣ। ਉਨ੍ਹਾਂ ਅੰਤ ਵਿਚ ਮੁਲਾਜ਼ਮਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਉਹ ਹੜਤਾਲ ਤੁਰੰਤ ਵਾਪਸ ਲੈਣ ਅਤੇ ਬਿਜਲੀ ਸੇਵਾਵਾਂ ਨੂੰ ਆਮ ਵਾਂਗ ਬਹਾਲ ਕਰਨ। ਉਨ੍ਹਾਂ ਕਿਹਾ ਕਿ ਲਗਭਗ 18,500 ਮੁਲਾਜ਼ਮ ਹੜਤਾਲ ‘ਤੇ ਹਨ, ਜਿਸ ਕਾਰਨ ਕਰੀਬ 3 ਕਰੋੜ ਪੰਜਾਬ ਵਾਸੀ ਪ੍ਰਭਾਵਿਤ ਹੋ ਰਹੇ ਹਨ। ਸਰਕਾਰ ਹਰ ਜਾਇਜ਼ ਮੰਗ ‘ਤੇ ਗੱਲਬਾਤ ਲਈ ਤਿਆਰ ਹੈ ਪਰ ਲੋਕਾਂ ਨੂੰ ਤਕਲੀਫ਼ ਦੇ ਕੇ ਦਬਾਅ ਬਣਾਉਣ ਦਾ ਤਰੀਕਾ ਸਵੀਕਾਰ ਨਹੀਂ ਕੀਤਾ ਜਾਵੇਗਾ।
ਬਿਜਲੀ ਮੁਲਾਜ਼ਮ ਹੜਤਾਲ ਵਾਪਸ ਲੈਣ, ਸਰਕਾਰ ਹਰ ਜਾਇਜ਼ ਮੰਗ ’ਤੇ ਗੱਲਬਾਤ ਲਈ ਤਿਆਰ-ਅਮਨ ਅਰੋੜਾ
ਅਜੀਤ ਡੈਸਕ
27-07-2026