ਸੰਗਤਾਂ ਨੂੰ ਖ਼ਾਲਸਾ ਮਾਰਚ ਵਿਚ ਸ਼ਾਮਿਲ ਹੋਣ ਤੋਂ ਰੋਕਣ ਵਾਲਿਆਂ ਨੂੰ ਜਥੇਦਾਰ ਨੇ ਕੀਤੀ ਸਖ਼ਤ ਤਾੜਨਾ
ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਜ਼ਾਦ ਹੋਂਦ, ਸਵੈਮਾਨ ਅਤੇ ਹੱਕ-ਸੱਚ ਦਾ ਕੇਂਦਰ ਹੈ, ਜਿਸ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਤੀਸਰੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਅਗਲੇ ਪੜਾਅ ਦੀ ਰਵਾਨਗੀ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਸੰਗਤਾਂ ਨੂੰ ਜੋੜਨਾ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਮੀਰੀ-ਪੀਰੀ ਦੇ ਮਹਾਨ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਸੰਗਤਾਂ ਨੂੰ ਇਸ ਖ਼ਾਲਸਾ ਮਾਰਚ ਵਿਚ ਸ਼ਾਮਿਲ ਹੋਣ ਤੋਂ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਈ ਮਾਤਾਵਾਂ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਆਉਣ, ਨਗਰ ਕੀਰਤਨ ਜਾਂ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਰੋਕਣਾ ਨਾ ਸਿਰਫ਼ ਗੁਰੂ ਘਰ ਦੀ ਪ੍ਰੰਪਰਾ ਦੇ ਵਿਰੁੱਧ ਹੈ, ਸਗੋਂ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਵੀ ਉਲਟ ਹੈ। ਅਜਿਹੀ ਮਾੜੀ ਮਾਨਸਿਕਤਾ ਨੂੰ ਪੰਥ ਕਦੇ ਪ੍ਰਵਾਨ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਨਸ਼ਿਆਂ, ਸਮਾਜਿਕ ਬੁਰਾਈਆਂ ਅਤੇ ਨੈਤਿਕ ਪਤਨ ਵਰਗੀਆਂ ਚੁਣੌਤੀਆਂ ਤੋਂ ਬਚਣ ਲਈ ਗੁਰੂ ਸਾਹਿਬ ਦੇ ਦਰਸਾਏ ਰਾਹ ’ਤੇ ਚੱਲਣਾ ਹੀ ਇੱਕੋ-ਇੱਕ ਹੱਲ ਹੈ।ਮੀਰੀ–ਪੀਰੀ ਖ਼ਾਲਸਾ ਮਾਰਚ ਦੀ ਤੀਸਰੇ ਦਿਨ ਆਰੰਭਤਾ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਪੰਜਾਬ ਪੁਲਿਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਸਲਾਮੀ ਦੇ ਸਤਿਕਾਰ ਭੇਟ ਕੀਤਾ ਗਿਆ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਸੁਖਵਰਸ਼ ਸਿੰਘ ਪੰਨੂੰ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ, ਹਲਕਾ ਤਰਨ ਤਾਰਨ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇੇਰੋਂ, ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇੇਖ, ਓ.ਐਸ.ਡੀ. ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਮੈਨੇਜ਼ਰ ਨਰਿੰਦਰ ਸਿੰਘ, ਹਰਜਿੰਦਰ ਸਿੰਘ ਪੱਟੀ, ਧਰਮਿੰਦਰ ਸਿੰਘ, ਸਰਬਦਿਆਲ ਸਿੰਘ, ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਿੰਘ, ਬਾਬਾ ਹੀਰਾ ਸਿੰਘ ਗੁਰਦੁਆਰਾ ਝੂਲਣੇ ਮਹਿਲ, ਜਸਵੰਤ ਸਿੰਘ ਪ੍ਰਧਾਨ, ਸਕੱਤਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ-ਜਥੇ. ਗੜਗੱਜ
ਅਜੀਤ ਡੈਸਕ
27-07-2026