ਫ਼ਿਰੋਜ਼ਪੁਰ, 27 ਜੁਲਾਈ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਮੰਡਲ ਵਲੋਂ ਰੇਲ ਯਾਤਰੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਟਿਕਟ ਬੁਕਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਵੱਖ-ਵੱਖ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਮੰਡਲ ਦੇ ਮੁੱਖ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਤੌਰ ’ਤੇ ਡਿਜੀਟਲ ਭੁਗਤਾਨ ਲਈ ਬੁਕਿੰਗ ਖਿੜਕੀਆਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ। ਜਿਸ ਨਾਲ ਲੈਣ-ਦੇਣ ਤੇਜ਼, ਸੁਰੱਖਿਅਤ ਅਤੇ ਪਾਰਦਰਸ਼ੀ ਹੁੰਦਾ ਹੈ। ਇਸ ਦੇ ਨਾਲ ਹੀ ਨਕਦੀ ’ਤੇ ਨਿਰਭਰਤਾ ਘਟਦੀ ਹੈ, ਯਾਤਰੀਆਂ ਨੂੰ ਸਹੂਲਤ ਮਿਲਦੀ ਹੈ ਅਤੇ ਡਿਜੀਟਲ ਭੁਗਤਾਨ ਨੂੰ ਉਤਸ਼ਾਹ ਮਿਲਦਾ ਹੈ। ਇਸ ਤੋਂ ਇਲਾਵਾ ‘‘ਰੇਲਵਨ’’ ਐਪ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਮੇਂ-ਸਮੇਂ ’ਤੇ ਵਿਆਪਕ ਮੁਹਿੰਮਾਂ ਵੀ ਚਲਾਈਆਂ ਜਾਂਦੀਆਂ ਹਨ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ, ਫਿਰੋਜ਼ਪੁਰ ਮੰਡਲ ਦੇ ਵੱਖ-ਵੱਖ ਸਟੇਸ਼ਨਾਂ ’ਤੇ ਡਿਜੀਟਲ ਲੈਣ-ਦੇਣ, ਵਿਸ਼ੇਸ਼ ਤੌਰ ’ਤੇ ਯੂ.ਪੀ.ਆਈ. ਭੁਗਤਾਨ ਵਿਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਮੰਡਲ ਦੇ ਮੁੱਖ ਰੇਲਵੇ ਸਟੇਸ਼ਨਾਂ ਜਿਵੇਂ ਲੁਧਿਆਣਾ, ਜਲੰਧਰ ਸਿਟੀ, ਜਲੰਧਰ ਕੈਂਟ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਕੈਂਟ ਸਟੇਸ਼ਨਾਂ ’ਤੇ ਅਪ੍ਰੈਲ ਤੋਂ ਜੂਨ 2026 ਦੌਰਾਨ ਰੋਜ਼ਾਨਾ ਔਸਤਨ ਡਿਜੀਟਲ ਲੈਣ-ਦੇਣ 15 ਪ੍ਰਤੀਸ਼ਤ ਤੋਂ ਵੱਧ ਰਿਹਾ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਬਸੰਤ ਕੁਮਾਰ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਾਧਿਅਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ।
ਰੇਲ ਯਾਤਰੀਆਂ ’ਚ ਡਿਜੀਟਲ ਭੁਗਤਾਨ ਨੂੰ ਉਤਸ਼ਾਹ
ਅਜੀਤ ਡੈਸਕ
28-07-2026