ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ ਸੰਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ।ਸਿੱਖਿਆ ਖੇਤਰ ਦੀਆਂ ਯੂਨੀਅਨਾਂ ਨਾਲ ਹੋਈਆਂ ਬੈਠਕਾਂ ਦੌਰਾਨ, ਜਿਨ੍ਹਾਂ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਿਲ ਹੋਏ, 3704 ਅਧਿਆਪਕ ਯੂਨੀਅਨ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਤੋਂ ਬਾਅਦ ਪਾਵਰਕਾਮ ਅਤੇ ਟਰਾਂਸਕੋ ਦੇ ਕੰਟਰੈਕਟ ਵਰਕਰਾਂ ਦੀ ਕੋਆਰਡੀਨੇਸ਼ਨ ਕਮੇਟੀ ਨਾਲ ਹੋਈਆਂ ਵਿਚਾਰਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ਆਊਟਸੋਰਸਡ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕਿਆਂ ਅਧੀਨ ਲਿਆਉਣ ਦੀ ਸਰਕਾਰ ਦੀ ਚੱਲ ਰਹੀ ਪਹਿਲਕਦਮੀ ਨਾਲ ਤੁਹਾਡੀਆਂ ਜ਼ਿਆਦਾਤਰ ਸਮੱਸਿਆਵਾਂ ਆਪਣੇ ਆਪ ਹੱਲ ਹੋ ਜਾਣਗੀਆਂ।