ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ ਨਵੰਬਰ ਮਹੀਨੇ ਆ ਰਹੇ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਥੇ ਨਾਲ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ ਤੱਕ ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਿਸ਼ ਅਤੇ ਆਧਾਰ ਕਾਰਡ ਜਾਂ ਵੋਟਰ ਕਾਰਡ ਆਦਿ ਪਛਾਣ ਪੱਤਰ ਸਹਿਤ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾ ਕਰਾਉਣ। ਜ਼ਿਕਰਯੋਗ ਹੈ ਕਿ ਜਥੇ ਨਾਲ ਪਾਕਿਸਤਾਨ ਜਾਣ ਵਾਲੀ ਇਕੱਲੀ ਸ਼ਰਧਾਲੂ ਬੀਬੀ ਲਈ ਇਨ੍ਹਾਂ ਦਸਤਾਵੇਜਾਂ ਦੇ ਨਾਲ ਸਵੈ-ਘੋਸ਼ਣਾ ਫਾਰਮ ਜਮ੍ਹਾਂ ਕਰਾਉਣਾ ਵੀ ਲਾਜ਼ਮੀ ਹੈ। ਦੱਸਣਯੋਗ ਹੈ ਕਿ ਇਸ ਵਾਰ ਪਹਿਲੇ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਆ ਰਿਹਾ ਹੈ ਤੇ ਭਾਰਤ ਤੋਂ ਕਰੀਬ ਤਿੰਨ ਹਜ਼ਾਰ ਸ਼ਰਧਾਲੂਆਂ ਦੇ ਜਥੇ ਦੇ 22 ਨਵੰਬਰ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ।