ਚੰਡੀਗੜ੍ਹ, 29 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ. ਐਸ. ਆਰ. ਐਲ. ਐਮ.) ਦੀ ਭਰਤੀ ਨਾਲ ਜੁੜੇ ਵਿਵਾਦ ਨੇ ਆਮ ਆਦਮੀ ਪਾਰਟੀ ਸਰਕਾਰ ਦੇ ‘ਕੱਟੜ ਇਮਾਨਦਾਰੀ’ ਦੇ ਦਾਅਵਿਆਂ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਸੀ ਤਾਂ ਸਰਕਾਰ ਨੂੰ ਮਾਮਲੇ ਦੀ ਜਾਂਚ ਤੋਂ ਘਬਰਾਉਣ ਦੀ ਲੋੜ ਨਹੀਂ ਹੋਣੀ ਚਾਹੀਦੀ। ਉਨ੍ਹਾਂ ਹਾਈ ਕੋਰਟ ਵਲੋਂ ਜਾਂਚ ਕਮੇਟੀ ਬਣਾਏ ਜਾਣ ਦਾ ਹਵਾਲਾ ਦਿੰਦਿਆਂ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸੰਬੰਧਿਤ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਦੇ ਆਧਾਰ ’ਤੇ ਅਸਤੀਫ਼ਾ ਲੈਣ ਦੀ ਮੰਗ ਕੀਤੀ।ਜਾਖੜ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਵਲੋਂ ਪੇਪਰ ਲੀਕ ਦੇ ਮਾਮਲਿਆਂ ਵਿਚ ਵੀ ਸੱਚਾਈ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ।