ਨਵੀਂ ਦਿੱਲੀ, 29 ਜੁਲਾਈ (ਉਪਮਾ ਡਾਗਾ ਪਾਰਥ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹੇਠਲੇ ਸਦਨ ’ਚ ਉਨ੍ਹਾਂ ਨੂੰ ਨਾ ਬੋਲਣ ਦਿੱਤੇ ਜਾਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਮੁੱਦੇ ਉਠਾਉਣਾ ਉਨ੍ਹਾਂ ਦਾ ਅਧਿਕਾਰ ਹੈ। ਰਾਹੁਲ ਗਾਂਧੀ ਨੇ ਸਦਨ ਤੋਂ ਬਾਅਦ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਇਕ ਵਾਰ ਫਿਰ ਦੁਹਰਾਉਂਦਿਆਂ ਕਿਹਾ ਕਿ ਵਿਦਿਆਰਥੀਆਂ ’ਤੇ ਹੋਏ ਤਸ਼ੱਦਦ ਲਈ ਅਮਿਤ ਸ਼ਾਹ ਜ਼ਿੰਮੇਵਾਰ ਹੈ। ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ’ਚ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਭਾਜਪਾ ਅਤੇ ਆਰ. ਐਸ. ਐਸ. ਤੋਂ ਮੁਆਫ਼ੀ ਨਹੀਂ ਮੰਗਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ’ਤੇ ਪੈਲੇਟ ਗੰਨ ਚਲਾਈ ਗਈ ਅਤੇ ਉਹ ਇਹੀ ਮੁੱਦਾ ਸੰਸਦ ’ਚ ਉਠਾਉਣਾ ਚਾਹ ਰਹੇ ਸਨ ਪਰ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ।