03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਕਾਂਗਰਸ ਅੱਜ ਤੋਂ ਸੂਬੇ ’ਚ ਸ਼ੁਰੂ ਕਰੇਗੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਭੁਪੇਸ਼ ਬਘੇਲ ਦੀ ਅਗਵਾਈ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਵੇਗਾ ਮੁਹਿੰਮ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 31-07-2026
ਵਿਕਰਮਜੀਤ ਸਿੰਘ ਮਾਨ

ਚੰਡੀਗੜ੍ਹ, 30 ਜੁਲਾਈ-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਕਾਂਗਰਸ ਸ਼ੁੱਕਰਵਾਰ ਤੋਂ ਸੂਬੇ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਦੀ ਰਣਨੀਤੀ ਦਾ ਵੀ ਅਹਿਮ ਹਿੱਸਾ ਮੰਨੀ ਜਾ ਰਹੀ ਹੈ। ਭੁਪੇਸ਼ ਬਘੇਲ ਜੋ ਅੱਜ ਦੇਰ ਸ਼ਾਮ ਚੰਡੀਗੜ੍ਹ ਪੁੱਜੇ ਹਨ, ਉਹ ਕੱਲ੍ਹ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਹਾਲਾਂਕਿ, ਉਨ੍ਹਾਂ ਵਲੋਂ ਅੱਜ ਸਵੇਰੇ ਚੰਡੀਗੜ੍ਹ ਪੁੱਜ ਕੇ ਪਾਰਟੀ ਦੇ ਕੁਝ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਦਾ ਵੀ ਪ੍ਰੋਗਰਾਮ ਸੀ ਪਰ ਦਿੱਲੀ ’ਚ ਕਿਸੇ ਰੁਝੇਵਿਆਂ ਕਾਰਨ ਉਹ ਦੇਰ ਸ਼ਾਮ ਚੰਡੀਗੜ੍ਹ ਪੁੱਜੇ। ਪਾਰਟੀ ਸੂਤਰਾਂ ਅਨੁਸਾਰ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਇਸ ਮੁਹਿੰਮ ਤਹਿਤ ਪ੍ਰੋਗਰਾਮ ਅਨੁਸਾਰ ਤੈਅ ਕੀਤੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ, ਬੂਥ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ਬੂਥ ਪੱਧਰ ’ਤੇ ਸੰਗਠਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਜਿਥੇ ਸੰਗਠਨ ਕਮਜ਼ੋਰ ਹੈ, ਉਥੇ ਨਵੀਆਂ ਨਿਯੁਕਤੀਆਂ ਅਤੇ ਵਰਕਰਾਂ ਨੂੰ ਸਰਗਰਮ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਕਾਂਗਰਸ ਹਾਈਕਮਾਨ ਦਾ ਮੰਨਣਾ ਹੈ ਕਿ 2027 ਦੀ ਚੋਣ ਜੰਗ ਵਿਚ ਮਜ਼ਬੂਤ ਬੂਥ ਢਾਂਚਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਸਾਬਤ ਹੋ ਸਕਦਾ ਹੈ। ਇਸੇ ਲਈ ਵੱਡੀਆਂ ਰੈਲੀਆਂ ਤੋਂ ਪਹਿਲਾਂ ਹਰ ਬੂਥ ਤੱਕ ਪਹੁੰਚ ਬਣਾਉਣ, ਵਰਕਰਾਂ ਨੂੰ ਜੋੜਨ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਭੁਪੇਸ਼ ਬਘੇਲ ਆਪਣੇ ਪੰਜਾਬ ਦੌਰੇ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿਚ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿਚ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ ਤੋਂ ਇਲਾਵਾ ਬੂਥ ਪੱਧਰ ਦੇ ਅਹੁਦੇਦਾਰਾਂ ਨਾਲ ਵੀ ਸਿੱਧਾ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾਉਣ, ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਥਾਨਕ ਮੁੱਦਿਆਂ ਨੂੰ ਉਭਾਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।ਦੂਜੇ ਪਾਸੇ, ਕਾਂਗਰਸ ਇਸ ਮੁਹਿੰਮ ਰਾਹੀਂ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਵੀ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦੀ ਤਿਆਰੀ ਵਿਚ ਹੈ। ਬੇਰੁਜ਼ਗਾਰੀ, ਨਸ਼ਿਆਂ ਦਾ ਮੁੱਦਾ, ਕਾਨੂੰਨ-ਵਿਵਸਥਾ, ਕਿਸਾਨਾਂ ਅਤੇ ਵਪਾਰੀਆਂ ਨਾਲ ਜੁੜੇ ਮਸਲੇ, ਵਿਕਾਸ ਕਾਰਜਾਂ ਦੀ ਰਫ਼ਤਾਰ ਅਤੇ ਹੋਰ ਜਨਤਕ ਮੁੱਦਿਆਂ ਨੂੰ ਲੋਕਾਂ ਵਿਚ ਲੈ ਕੇ ਜਾਣ ਦੀ ਰਣਨੀਤੀ ਬਣਾਈ ਗਈ ਹੈ। ਪਾਰਟੀ ਦਾ ਮੰਨਣਾ ਹੈ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਸਰਕਾਰ ਦੀਆਂ ਕਥਿਤ ਨਾਕਾਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ ਜਾ ਸਕਦਾ ਹੈ।ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਚੋਣਾਂ ਦੀ ਤਿਆਰੀ ਤਾਂ ਹੈ ਹੀ, ਸਗੋਂ ਕਾਂਗਰਸ ਨੂੰ ਮੁੜ ਪਿੰਡ-ਪਿੰਡ ਅਤੇ ਬੂਥ-ਬੂਥ ਤੱਕ ਸਰਗਰਮ ਕਰਨਾ ਵੀ ਹੈ। ਇਸ ਤਹਿਤ ਜਨ ਸੰਪਰਕ ਪ੍ਰੋਗਰਾਮ, ਘਰ-ਘਰ ਮੁਹਿੰਮ ਅਤੇ ਬੂਥ ਪੱਧਰ ’ਤੇ ਨਿਯਮਿਤ ਬੈਠਕਾਂ ਵੀ ਕਰਵਾਈਆਂ ਜਾਣਗੀਆਂ। ਕਾਂਗਰਸ ਨੂੰ ਉਮੀਦ ਹੈ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨਾ ਸਿਰਫ਼ ਸੰਗਠਨ ਨੂੰ ਨਵੀਂ ਤਾਕਤ ਦੇਵੇਗੀ, ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤ ਬੁਨਿਆਦ ਵੀ ਤਿਆਰ ਕਰੇਗੀ।ਹਾਲਾਂਕਿ, ਭੁਪੇਸ਼ ਬਘੇਲ ਦੇ ਕੱਲ੍ਹ ਮੁਹਾਲੀ ਜ਼ਿਲ੍ਹੇ ਤੋਂ ਸ਼ੁਰੂ ਹੋਣ ਜਾ ਰਹੇ ਪੰਜਾਬ ਦੌਰੇ ਵੇਲੇ ਪੰਜਾਬ ਦੀ ਪਹਿਲੀ ਕਤਾਰ ਦੀ ਲੀਡਰਸ਼ਿਪ, ਜਿਸ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਧਰਮਵੀਰ ਗਾਂਧੀ ਅਤੇ ਹੋਰ ਸੰਸਦ ਮੈਂਬਰ ਲੋਕ ਸਭਾ ਦੇ ਚੱਲ ਰਹੇ ਇਜਲਾਸ ਵਿਚ ਰੁੱਝੇ ਹੋਏ ਹਨ। ਪਾਰਟੀ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਉਨ੍ਹਾਂ ਆਗੂਆਂ ਦੇ ਕੱਲ੍ਹ ਤੋਂ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਦੀ ਸ਼ੁਰੂਆਤ ਵੇਲੇ ਆਉਣ ਦੀ ਕੋਈ ਸੂਚਨਾ ਵੀ ਨਹੀਂ ਹੈ। ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਆਉਂਦੇ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਇਜਲਾਸ ਦੇ ਰੁਝੇਵਿਆਂ ਦੇ ਬਾਵਜੂਦ ਭੁਪੇਸ਼ ਬਘੇਲ ਵਲੋਂ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਨੂੰ ਕਿੰਨਾ ਸਮਾਂ ਦੇ ਪਾਉਣਗੇ, ਇਹ ਵੀ 3 ਅਗਸਤ ਤੋਂ ਬਾਅਦ ਹੀ ਸਾਫ ਹੋ ਸਕੇਗਾ ਪਰ ਜਾਣਕਾਰੀ ਅਨੁਸਾਰ ਭੁਪੇਸ਼ ਬਘੇਲ ਦੇ ਅਜਿਹੇ ਵੇਲੇ ਰੱਖੇ ਪੰਜਾਬ ਦੌਰੇ ਜਿਸ ਵਕਤ ਤਕਰੀਬਨ ਸਾਰੀ ਲੀਡਰਸ਼ਿਪ ਵੱਖੋ-ਵੱਖਰੇ ਤੌਰ ਉਤੇ ਰੁੱਝੀ ਹੋਵੇਗੀ, ਨੂੰ ਲੈ ਕੇ ਵੀ ਪਾਰਟੀ ਅੰਦਰ ਕਈ ਤਰਾਂ ਦੀਆਂ ਚਰਚਾਵਾਂ ਨੇ ਜ਼ੋਰ ਫੜਿਆ ਹੋਇਆ ਹੈ। ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਵਲੋਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਹਾਜ਼ਰੀ ਵਿਚ ਪੰਜਾਬ ਤੋਂ ਚੋਣ ਮੁਹਿੰਮ ਸ਼ੁਰੂ ਕਰਨ ਦੀ ਗੱਲ ਕਹੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਤਲ ਤੋਂ ਪਹਿਲਾਂ ਮੋਟਰਸਾਈਕਲ ’ਤੇ ਬਿਠਾ ਕੇ ਦਿਖਾਇਆ ਮੇਲਾ ਅਗਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ
Ad Position 24
No active advertisement