ਐੱਸ. ਏ. ਐੱਸ. ਨਗਰ, 30 ਜੁਲਾਈ (ਪ੍ਰੋ. ਅਵਤਾਰ ਸਿੰਘ)-ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ‘ਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਅੱਜ ਸਰਕਾਰੀ ਸਕੂਲਾਂ ਦੇ ਉਨ੍ਹਾਂ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪਹਿਲਕਦਮੀ ਅਧੀਨ ਜੇ. ਈ. ਈ. (ਮੇਨ), ਜੇ. ਈ. ਈ. (ਐਡਵਾਂਸਡ) ਅਤੇ ਨੀਟ ਯੂ. ਜੀ. 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਇਸ ਸੰਬੰਧ ‘ਚ ਮੁਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ‘ਚ ਸ਼ਾਨਦਾਰ ਸਫ਼ਲਤਾ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇ. ਈ. ਈ. (ਮੇਨ)-2026 ਪ੍ਰੀਖਿਆ ਪਾਸ ਕੀਤੀ ਹੈ, ਜਦਕਿ 64 ਵਿਦਿਆਰਥੀਆਂ ਨੇ ਜੇ. ਈ. ਈ. (ਐਡਵਾਂਸਡ) ਪ੍ਰੀਖਿਆ ਅਤੇ 882 ਵਿਦਿਆਰਥੀਆਂ ਨੇ ਨੀਟ ਯੂ. ਜੀ. 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਪਾਸ ਫ਼ੀਸਦ ਦੇ ਮਾਮਲੇ ‘ਚ ਪਿਛਲੇ ਸਾਲਾਂ ਨਾਲੋਂ ਕਾਫ਼ੀ ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਪ੍ਰਭਾਵ ਅਤੇ ਸਰਕਾਰੀ ਸਕੂਲਾਂ ‘ਚ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਿੱਖਿਆ ਨੂੰ ਦਰਸਾਉਂਦੀਆਂ ਹਨ। ਸਿੱਖਿਆ ਮੰਤਰੀ ਬੈਂਸ ਨੇ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀਜ਼), 36 ਵਿਦਿਆਰਥੀਆਂ ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ. ਆਈ. ਟੀਜ਼.) ਅਤੇ 90 ਤੋਂ ਵੱਧ ਵਿਦਿਆਰਥੀਆਂ ਨੇ ਦੇਸ਼ ਭਰ ਦੇ ਸਰਕਾਰੀ ਇੰਜੀਨੀਅਰਿੰਗ ਕਾਲਜਾਂ ‘ਚ ਦਾਖ਼ਲਾ ਪ੍ਰਾਪਤ ਕੀਤਾ ਹੈ।ਇਸ ਮੌਕੇ ਪੀ. ਡੀ. ਸੀ. ਮੈਂਬਰ ਅਨੁਰਾਗ ਕੁੰਡੂ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਐੱਸ. ਐੱਸ. ਬੱਲ ਸਮੇਤ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।