ਅੰਮ੍ਰਿਤਸਰ, 30 ਜੁਲਾਈ (ਜੱਸ)-ਅਸਾਮ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ‘ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਪ੍ਰਧਾਨ ਧਾਮੀ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਬੇਘਰ ਹੋ ਜਾਣਾ ਬੇਹੱਦ ਦੁਖਦਾਈ ਹੈ ਅਤੇ ਸਿੱਖਾਂ ਦੀ ਸਰਵਉੱਚ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਸਿੱਖੀ ਦੇ ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਅਨੁਸਾਰ ਅਸਾਮ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ। ਪ੍ਰਧਾਨ ਧਾਮੀ ਨੇ ਆਸਾਮ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਲੋੜ ਅਨੁਸਾਰ ਅਤੇ ਰਾਜ ਸਰਕਾਰ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਲਈ ਸੇਵਾਦਾਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲਾ ਪਾਣੀ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ, ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਦੀ ਸੇਵਾ ਚਲਾਉਣ, ਆਰਥਿਕ ਸਹਾਇਤਾ ਦੇਣ ਅਤੇ ਲੋੜ ਅਨੁਸਾਰ ਹੋਰ ਹਰ ਸੰਭਵ ਸਹਿਯੋਗ ਦੇਣ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।