ਚੰਡੀਗੜ੍ਹ, 30 ਜੁਲਾਈ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਵਿਚ ਬੀਤੇ ਦਿਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਵਲੋਂ ਦਰਜ ਕੀਤੀ ਗਈ ਐਫ਼.ਆਈ.ਆਰ. ਨੂੰ ਲੈ ਕੇ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪ੍ਰਦਰਸ਼ਨ ਸੰਬੰਧੀ ਦਰਜ਼ ਮਾਮਲੇ ਵਿਚ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਰਹੇ ਮਰਹੂਮ ਅਜਾਇਬ ਸਿੰਘ ਮੁਖਮੈਲਪੁਰ ਦਾ ਨਾਂਅ ਵੀ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਦਾ ਦਿਹਾਂਤ ਕਰੀਬ ਦੋ ਸਾਲ ਪਹਿਲਾਂ ਹੋ ਚੁੱਕਾ ਹੈ। ਇਸ ਮਾਮਲੇ ਨੇ ਚੰਡੀਗੜ੍ਹ ਪੁਲਿਸ ਵਲੋਂ ਐਫ਼.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਕੀਤੀ ਜਾਣ ਵਾਲੀ ਤਸਦੀਕ ਅਤੇ ਪੜਤਾਲ ਦੀ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਐਫ਼.ਆਈ.ਆਰ. ਵਿਚ ਮਰਹੂਮ ਅਜਾਇਬ ਸਿੰਘ ਮੁਖਮੈਲਪੁਰ ਦਾ ਨਾਂਅ ਦਰਜ ਹੋਣ ਦੀ ਗੱਲ ਸਾਹਮਣੇ ਆਉਣ ਨਾਲ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਚਰਚਾ ਛਿੜ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਐਫ਼.ਆਈ.ਆਰ. ਵਿਚ ਉਨ੍ਹਾਂ ’ਤੇ ਪ੍ਰਦਰਸ਼ਨ ਵਾਲੇ ਦਿਨ ਇਕੱਠ ਲੈ ਕੇ ਪਹੁੰਚਣ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਉਨ੍ਹਾਂ ਦਾ ਦਿਹਾਂਤ ਲਗਭਗ ਦੋ ਸਾਲ ਪਹਿਲਾਂ ਹੋ ਚੁੱਕਾ ਹੈ।