ਅੰਮ੍ਰਿਤਸਰ, 30 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਖੇਤਰੀ ਤਣਾਅ ਨੂੰ ਘੱਟ ਕਰਨ ਅਤੇ ਗੱਲਬਾਤ ਨੂੰ ਸੁਵਿਧਾਜਨਕ ਬਣਾਉਣ ਲਈ ਇਸਲਾਮਾਬਾਦ ਸਮਝੌਤੇ (ਐੱਮ. ਓ. ਯੂ.) ਦੇ ਢਾਂਚੇ ‘ਚ ਅਮਰੀਕਾ ਅਤੇ ਈਰਾਨ ਨੂੰ ਵਾਪਸ ਲਿਆਉਣ ‘ਚ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਹਫ਼ਤਾਵਾਰੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪਾਕਿ ਵਿਦੇਸ਼ ਦਫ਼ਤਰ ਦੇ ਬੁਲਾਰੇ ਤਾਹਿਰ ਹੁਸੈਨ ਅੰਦਰਾਬੀ ਨੇ ਈਰਾਨ ਅਤੇ ਅਮਰੀਕਾ ਨਾਲ ਜੁੜੀ ਨਾਜ਼ੁਕ ਸੁਰੱਖਿਆ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ। ਬੁਲਾਰੇ ਨੇ ਦੁਹਰਾਇਆ ਕਿ ਤਣਾਅ ਨੂੰ ਹੱਲ ਕਰਨ ਲਈ ਗੱਲਬਾਤ ਅਤੇ ਕੂਟਨੀਤੀ ਹੀ ਇਕੋ-ਇਕ ਵਿਹਾਰਕ ਰਸਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਦੋਵਾਂ ਮੁਲਕਾਂ ਵਿਚਾਲੇ ਦੁਸ਼ਮਣੀ ਨੂੰ ਖ਼ਤਮ ਕਰਨ ਅਤੇ ਸ਼ਾਂਤੀ ਗੱਲਬਾਤ ਸ਼ੁਰੂ ਕਰਵਾਉਣ ਲਈ ਪਾਕਿ ਸਰਗਰਮੀ ਨਾਲ ਜੁੜਿਆ ਹੋਇਆ ਹੈ ਅਤੇ ਅਗਾਂਹ ਵੀ ਇਸ ‘ਚ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ।