ਖੰਨਾ, 31 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਅਧਿਆਪਕ ਆਗੂਆਂ ਦੀ ਗ੍ਰਿਫਤਾਰੀ ਦੀ ਕਾਰਵਾਈ ਨੇ ਬਲਦੀ ‘ਤੇ ਤੇਲ ਦਾ ਕੰਮ ਕੀਤਾ ਹੈ। ਇਹ ਗ੍ਰਿਫਤਾਰੀਆਂ ਸੁਨਾਮ ਵਿਖੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਨੂੰ ਨਾਕਾਮ ਕਰਨ ਲਈ ਕੀਤੀਆਂ ਗਈਆਂ ਹਨ। ਇਹ ਦੋਸ਼ ਅੱਜ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਨੇ ਲਗਾਏ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅੱਜ ਤੜਕੇ ਹੀ ਕਈ ਮੁੱਖ ਅਧਿਆਪਕ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ, ਜਿਸ ਤੋਂ ਬਾਅਦ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਨੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰ ਅਧਿਆਪਕਾਂ ਦੇ ਸਬਰ ਨੂੰ ਪਰਖ ਰਹੀ ਹੈ, ਜਿਸ ਦਾ ਨਤੀਜਾ ਜਲਦ ਹੀ ਸੰਗਰੂਰ ਦੀ ਧਰਤੀ ‘ਤੇ ਵੇਖਣ ਨੂੰ ਮਿਲੇਗਾ। ਐਸੋਸੀਏਸ਼ਨ ਦੇ ਆਗੂਆਂ ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਹਿਗੜ੍ਹ ਸਾਹਿਬ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਦਵਿੰਦਰ ਪਾਠਕ, ਰਾਕੇਸ਼ ਸੈਣੀ ਅਤੇ ਊਧਮ ਸਿੰਘ ਡੋਗਰਾ ਨੇ ਦੱਸਿਆ ਕਿ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜੋਨੀ ਸਿੰਗਲਾ, ਪਰਮਵੀਰ ਸਿੰਘ ਪੰਮੀ ਸਮੇਤ ਕਈ ਆਗੂਆਂ ਨੂੰ ਤੜਕੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿਚ ਪੇ-ਸਕੇਲ, ਸੀਨੀਅਰਤਾ, ਤਰੱਕੀਆਂ, 6ਵਾਂ ਪੇ-ਕਮਿਸ਼ਨ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ ਨੌਕਰੀ ਦੇਣਾ ਸ਼ਾਮਲ ਹੈ।