ਚੰਡੀਗੜ੍ਹ, 31 ਜੁਲਾਈ (ਸੰਦੀਪ ਕੁਮਾਰ ਮਾਹਨਾ) -ਕੇਂਦਰ ਸਰਕਾਰ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਵਿਕਾਸ ਲਈ 4485 ਕਰੋੜ ਰੁਪਏ ਦੇ 204 ਪ੍ਰੋਜੈਕਟ ਮਨਜ਼ੂਰ ਕੀਤੇ ਹਨ। ਜ਼ਿਆਦਾਤਰ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਬਾਕੀ ਕੰਮ ਵੀ ਤੇਜ਼ੀ ਨਾਲ ਪੂਰੇ ਕਰਵਾਏ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੀਤਾ। ਤਰੁਣ ਚੁੱਘ ਨੇ ਦੱਸਿਆ ਕਿ ਇਹ ਜਾਣਕਾਰੀ ਉਨ੍ਹਾਂ ਵਲੋਂ ਰਾਜ ਸਭਾ ’ਚ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ 44 ਪ੍ਰੋਜੈਕਟਾਂ ਲਈ 1911 ਕਰੋੜ ਰੁਪਏ, ਜਲੰਧਰ ਵਿਚ 78 ਪ੍ਰੋਜੈਕਟਾਂ ਲਈ 1186 ਕਰੋੜ ਰੁਪਏ ਅਤੇ ਲੁਧਿਆਣਾ ਵਿਚ 82 ਪ੍ਰੋਜੈਕਟਾਂ ਲਈ 1388 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੇਵਲ ਬੁਨਿਆਦੀ ਢਾਂਚੇ ਤੱਕ ਸੀਮਿਤ ਨਹੀਂ ਹਨ, ਸਗੋਂ ਪਾਰਕਿੰਗ, ਖੇਡ ਸਹੂਲਤਾਂ, ਠੋਸ ਕੂੜਾ ਪ੍ਰਬੰਧਨ, ਪੀਣ ਵਾਲੇ ਪਾਣੀ ਦੀ ਸਪਲਾਈ, ਹਰਿਆਵਲੀ ਅਤੇ ਹੋਰ ਸ਼ਹਿਰੀ ਸਹੂਲਤਾਂ ਨੂੰ ਵੀ ਮਜ਼ਬੂਤ ਕਰਨ ਲਈ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰਾਲੇ ਦੇ ਜਵਾਬ ਅਨੁਸਾਰ 31 ਮਾਰਚ 2026 ਤੱਕ ਤਿੰਨਾਂ ਸਮਾਰਟ ਸ਼ਹਿਰਾਂ ’ਚ 204 ਵਿਚੋਂ 190 ਪ੍ਰੋਜੈਕਟ, ਭਾਵ ਲਗਭਗ 93 ਫ਼ੀਸਦੀ ਕੰਮ, 4148 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਜਾ ਚੁੱਕੇ ਹਨ।