ਸਾਈਕਲ ਸਵਾਰਾਂ ਨੇ ਲੁਟੇਰੇ ਨੂੰ ਕੁੱਟ-ਕੁੱਟ ਕੇ ਮਾਰਿਆ
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇੰਡਸਟਰੀ ਏਰੀਆ ‘ਸੀ’ ਦੀ ਕਿਰਪਾ ਕਾਲੋਨੀ ਵਿਚ ਸਾਈਕਲ ਸਵਾਰਾਂ ਨੂੰ ਲੁੱਟ ਰਹੇ ਲੁਟੇਰਿਆਂ ਵਿਚੋਂ ਇਕ ਨੂੰ ਲੋਕਾਂ ਨੇ ਕਾਬੂ ਕਰ ਲਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਘਟਨਾ ਵਾਲੀ ਥਾਂ ਦੇ ਨੇੜੇ ਸਥਿਤ ਇਕ ਫ਼ੈਕਟਰੀ ਮਾਲਕ ਦੀਪਕ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਸਾਈਕਲ ਸਵਾਰਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇੰਡਸਟਰੀ ਏਰੀਆ ‘ਸੀ’ ਦੀ ਕਿਰਪਾ ਕਾਲੋਨੀ ਵਿਚ ਸਾਈਕਲ ਸਵਾਰਾਂ ਨੂੰ ਲੁੱਟ ਰਹੇ ਲੁਟੇਰਿਆਂ ਵਿਚੋਂ ਇਕ ਨੂੰ ਲੋਕਾਂ ਨੇ ਕਾਬੂ ਕਰ ਲਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਘਟਨਾ ਵਾਲੀ ਥਾਂ ਦੇ ਨੇੜੇ ਸਥਿਤ ਇਕ ਫ਼ੈਕਟਰੀ ਮਾਲਕ ਦੀਪਕ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਸਾਈਕਲ ਸਵਾਰਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦੀਪਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਫ਼ੈਕਟਰੀ ਦੀ ਛੱਤ ਉੱਪਰ ਖੜ੍ਹਾ ਸੀ ਕਿ ਇਸ ਦੌਰਾਨ ਦੋ ਸਾਈਕਲ ਸਵਾਰ ਨੌਜਵਾਨ ਉਥੋਂ ਜਾ ਰਹੇ ਸਨ। ਇਨ੍ਹਾਂ ਨੌਜਵਾਨਾਂ ਨੂੰ ਉਸ ਦੀ ਫ਼ੈਕਟਰੀ ਦੇ ਬਾਹਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਰੋਕ ਲਿਆ ਅਤੇ ਨਗਦੀ ਤੇ ਸਾਮਾਨ ਦੀ ਮੰਗ ਕੀਤੀ। ਇਨ੍ਹਾਂ ਸਾਈਕਲ ਸਵਾਰਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ, ਜਿਸ ’ਤੇ ਇਨ੍ਹਾਂ ਵਿਚੋਂ ਇਕ ਮੋਟਰਸਾਈਕਲ ਸਵਾਰ ਲੁਟੇਰੇ ਨੇ ਆਪਣੇ ਪਾਸ ਰੱਖਿਆ ਦਾਤਰ ਕੱਢ ਲਿਆ ਅਤੇ ਸਾਈਕਲ ਸਵਾਰਾਂ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸਾਈਕਲ ਸਵਾਰ ਬਚ ਗਏ ਪਰ ਇਨ੍ਹਾਂ ਸਾਈਕਲ ਸਵਾਰਾਂ ਵਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਕਾਬੂ ਕਰ ਲਿਆ। ਰੌਲੇ ਦੀ ਆਵਾਜ਼ ਸੁਣ ਕੇ ਉਥੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਇਨ੍ਹਾਂ ਲੁਟੇਰਿਆਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਨ੍ਹਾਂ ਵਿਚੋਂ ਇਕ ਲੁਟੇਰਾ ਤਾਂ ਮੌਕੇ ’ਤੇ ਹੀ ਦਮ ਤੋੜ ਗਿਆ, ਜਦਕਿ ਦੂਜਾ ਉਥੋਂ ਫ਼ਰਾਰ ਹੋ ਗਿਆ। ਦੀਪਕ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਾਂਚ ਕਰ ਰਹੇ ਅਧਿਕਾਰੀ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਦੀਪਕ ਕੁਮਾਰ ਦੀ ਸ਼ਿਕਾਇਤ ’ਤੇ ਦੋ ਸਾਈਕਲ ਸਵਾਰਾਂ ਅਤੇ 10 ਹੋਰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮ੍ਰਿਤਕ ਦੀ ਹਾਲ ਦੀ ਘੜੀ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਹੈ।