ਡਾ. ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਖ਼ੂਨਦਾਨ ਕੈਂਪ ਲਗਾਉਣਾ ਇਕ ਸਾਰਥਿਕ ਪਹਿਲਕਦਮੀ-ਮਾਣਕ
‘ ਅਜੀਤ’ ਉਪ ਦਫ਼ਤਰ ਕਪੂਰਥਲਾ ਦੀ ਟੀਮ ਵਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ
ਕਪੂਰਥਲਾ, 20 ਅਗਸਤ (ਅਮਰਜੀਤ ਕੋਮਲ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਆਵਾਜ਼ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ‘ਅਜੀਤ’ ਉਪ ਦਫ਼ਤਰ ਕਪੂਰਥਲਾ ਦੀ ਟੀਮ ਵਲੋਂ ਵੱਖ-ਵੱਖ ਵਿੱਦਿਅਕ, ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 150 ਦੇ ਕਰੀਬ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ।
ਕਪੂਰਥਲਾ, 20 ਅਗਸਤ (ਅਮਰਜੀਤ ਕੋਮਲ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਆਵਾਜ਼ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ‘ਅਜੀਤ’ ਉਪ ਦਫ਼ਤਰ ਕਪੂਰਥਲਾ ਦੀ ਟੀਮ ਵਲੋਂ ਵੱਖ-ਵੱਖ ਵਿੱਦਿਅਕ, ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 150 ਦੇ ਕਰੀਬ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ‘ਅਜੀਤ’ ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਨੇ ‘ਅਜੀਤ’ ਉਪ ਦਫ਼ਤਰ ਦੀ ਟੀਮ ਵਲੋਂ ਇੰਚਾਰਜ ਅਮਰਜੀਤ ਕੋਮਲ ਦੀ ਅਗਵਾਈ ਵਿਚ ਡਾ. ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਖ਼ੂਨਦਾਨ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਦਾ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿਚ ਮਾਣ-ਸਤਿਕਾਰ ਹੈ ਤੇ ਉਨ੍ਹਾਂ ਦਾ ਜਨਮ ਦਿਨ ਖ਼ੂਨਦਾਨ ਕੈਂਪ ਲਗਾ ਕੇ ਮਨਾਉਣਾ ਇਕ ਸਾਰਥਿਕ ਪਹਿਲ ਕਦਮੀ ਹੈ। ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਪੈਸੇ-ਧੇਲੇ ਦਾ ਦਾਨ ਤਾਂ ਦਿੱਤਾ ਜਾ ਸਕਦਾ ਹੈ ਪਰ ਖ਼ੂਨਦਾਨ ਕਰਕੇ ਕਿਸੇ ਦਾ ਜੀਵਨ ਬਚਾਉਣਾ ਬਹੁਤ ਵੱਡਾ ਸੇਵਾ ਦਾ ਕਾਰਜ ਹੈ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਯਾਦਵਿੰਦਰ ਸਿੰਘ ਬਰਾੜ ਉਪ ਕੁਲਪਤੀ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਕਿਹਾ ਕਿ ਖ਼ੂਨਦਾਨ ਕਰਨਾ ਸਮੇਂ ਦੀ ਲੋੜ ਹੈ ਤੇ ਖ਼ੂਨਦਾਨ ਕਰਕੇ ਅਸੀਂ ਬਹੁਤ ਕੀਮਤੀ ਜਾਨਾਂ ਬਚਾਅ ਸਕਦੇ ਹਾਂ। ਇਸ ਤੋਂ ਪਹਿਲਾਂ ਲਾਇਲਪੁਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਤਨਾਮ ਸਿੰਘ ਮਾਣਕ ਤੇ ਡਾ. ਯਾਦਵਿੰਦਰ ਸਿੰਘ ਬਰਾੜ ਤੇ ਹੋਰ ਸ਼ਖ਼ਸੀਅਤਾਂ ਦੇ ਖ਼ੂਨਦਾਨ ਕੈਂਪ ਮੌਕੇ ਸ਼ਮੂਲੀਅਤ ਕਰਨ ‘ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਕੈਂਪ ’ਚ ਉਚੇਚੇ ਤੌਰ ‘ਤੇ ਸ਼ਾਮਿਲ ਹੋਏ ਸਾਬਕਾ ਕਾਂਗਰਸੀ ਵਿਧਾਇਕਾ ਰਾਜਬੰਸ ਕੌਰ ਰਾਣਾ, ਡੇਰਾ ਬਾਬਾ ਸ੍ਰੀ ਚੰਦ ਮਹਿਮਦਵਾਲ ਦੇ ਮੁੱਖ ਸੇਵਾਦਾਰ ਬਾਬਾ ਜੈ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਬਸਪਾ (ਅ) ਦੇ ਪ੍ਰਧਾਨ ਮਨੋਜ ਕੁਮਾਰ ਨਾਹਰ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਸਟੱਡੀ ਪਲੈਨੇਟ ਐਜੂਕੇਸ਼ਨ ਤੇ ਇਮੀਗਰੇਸ਼ਨ ਸਰਵਿਸਿਜ਼ ਦੇ ਐਮ.ਡੀ. ਇੰਦਰਪਾਲ ਸਿੰਘ ਮਠੌਣ, ਪੀ.ਟੀ.ਯੂ. ਦੇ ਡਿਪਟੀ ਡਾਇਰੈਕਟਰ (ਲੋਕ ਸੰਪਰਕ) ਰਜਨੀਸ਼ ਸ਼ਰਮਾ, ਲਾਇਲਪੁਰ ਖ਼ਾਲਸਾ ਕਾਲਜ ਦੇ ਡੀਨ ਪ੍ਰੋ. ਮਨਜਿੰਦਰ ਸਿੰਘ ਜੌਹਲ, ਰਾਇਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਜੈਪਾਲ ਗੋਇਲ, ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜੋਸਨ, ਕਲਾਥ ਮਰਚੰਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਸੂਜੋਕਾਲੀਆ, ਡੀ.ਟੀ.ਐਫ. ਦੇ ਆਗੂ ਜੈਮਲ ਸਿੰਘ, ‘ਆਪ’ ਦੇ ਵਿਰਾਸਤੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ ਤੋਂ ਇਲਾਵਾ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ |