ਰਾਜਾ ਵੜਿੰਗ ਵਲੋਂ ਮੁਹੰਮਦ ਮੁਸਤਫ਼ਾ ਨੂੰ ਕਾਨੂੰਨੀ ਨੋਟਿਸ
48 ਘੰਟਿਆਂ ਦੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ
ਚੰਡੀਗੜ੍ਹ, 22 ਅਗਸਤ ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡੀ. ਜੀ.
ਚੰਡੀਗੜ੍ਹ, 22 ਅਗਸਤ ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਮੁਸਤਫ਼ਾ ਨੂੰ ਇਕ ਇੰਟਰਵਿਊ ਦੌਰਾਨ ਰਾਜਾ ਵੜਿੰਗ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਰਾਜਾ ਵੜਿੰਗ ਦੇ ਵਕੀਲ ਵਲੋਂ ਭੇਜੇ ਗਏ ਨੋਟਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਇੰਟਰਵਿਊ ਦੌਰਾਨ ਕੀਤੇ ਗਏ ਕੁਝ ਦਾਅਵੇ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਤੇ ਇਤਰਾਜ਼ਯੋਗ ਹਨ। ਰਾਜਾ ਵੜਿੰਗ ਵਲੋਂ ਨੋਟਿਸ ਰਾਹੀਂ ਮੁਹੰਮਦ ਮੁਸਤਫ਼ਾ ਤੋਂ ਮੰਗ ਕੀਤੀ ਗਈ ਹੈ ਕਿ ਉਹ 48 ਘੰਟਿਆਂ ਦੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਕਥਿਤ ਤੌਰ ’ਤੇ ਬਦਨਾਮ ਕਰਨ ਵਾਲੇ ਬਿਆਨ ਵਾਪਸ ਲੈਣ। ਵੜਿੰਗ ਦੇ ਪੱਖ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਤਾਂ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਕਾਨੂੰਨੀ ਨੋਟਿਸ ਦਾ ਜਵਾਬ ਦਿੰਦਿਆਂ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਆਪਣੇ ਐਕਸ ਹੈਂਡਲ ’ਤੇ ਲਿਖਿਆ ਕਿ ਉਹ ਆਪਣੇ ਬਿਆਨ ’ਤੇ ਪੂਰੀ ਤਰ੍ਹਾਂ ਕਾਇਮ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੜਿੰਗ ਵਿਚ ਇਕ ਸੱਚੇ ਲੀਡਰ ਵਾਲੀ ਸਮਰੱਥਾ ਦੀ ਘਾਟ ਹੈ। ਦੱਸਣਯੋਗ ਹੈ ਕਿ ਮੁਹੰਮਦ ਮੁਸਤਫ਼ਾ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਹਨ ਅਤੇ ਮੁਸਤਫ਼ਾ ਪਿਛਲੇ ਕੁਝ ਸਮੇਂ ਤੋਂ ਰਾਜਾ ਵੜਿੰਗ ਦੀ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਚੱਲ ਰਹੇ ਹਨ ਅਤੇ ਉਨ੍ਹਾਂ ਨੇ ਜਨਤਕ ਤੌਰ ’ਤੇ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਸੀ ਕਿ ਵੜਿੰਗ ਨੂੰ ਪ੍ਰਧਾਨਗੀ ਦੇ ਅਹੁਦੇ ’ਤੇ ਬਰਕਰਾਰ ਰੱਖਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ।